ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਚਾਲੇ ਸ਼ੁਰੂ ਹੋਈ ਖਿੱਚੋਤਾਣ ਅਜੇ ਖ਼ਤਮ ਹੋ ਦਾ ਨਾਮ ਨਹੀਂ ਲੈ ਰਹੀ। ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਇੱਕ ਵਾਰ ਫਿਰ ਆਪਣੇ ਮੀਡੀਆ ਵਿੱਚ ਬਿਆਨ ਦਿੱਤਾ ਹੈ। ਪੱਤਰਕਾਰਾਂ ਵੱਲੋਂ ਉਹਨਾਂ ਨੂੰ ਅਹੁਦੇ ਤੋਂ ਹਟਾਏ ਜਾਣ ਦੀਆਂ ਚਰਚਾਵਾਂ ਬਾਰੇ ਸਵਾਲ ਪੁੱਛਿਆ ਤਾਂ ਉਹਨਾਂ ਨੇ ਜਵਾਬ ਵਿੱਚ ਕਿਹਾ ਕਿ ਉਹਨਾਂ ਨੂੰ ਕੋਈ ਪਰਵਾਹ ਨਹੀਂ ਹੈ। ਉਹਨਾਂ ਨੇ ਕੱਪੜੇ ਬੈਗ ਵਿੱਚ ਪਾ ਰੱਖੇ ਹਨ। ਜੱਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਉੱਪਰ ਨਜ਼ਰ ਰੱਖਣ ਲਈ ਬਣਾਈ ਗਈ ਕਮੇਟੀ ਦੇ 2 ਮੈਂਬਰਾਂ ਦੇ ਅਸਤੀਫਾ ਦੇਣ ਤੋਂ ਬਾਅਦ 5 ਮੈਂਬਰ ਰਹਿ ਗਏ ਸਨ। ਹੁਣ ਉਹਨਾਂ ਵਿੱਚੋਂ ਹੀ ਇੱਕ ਮੈਂਬਰ ਨੂੰ ਪ੍ਰਧਾਨ ਚੁਣਿਆ ਜਾਵੇਗਾ। ਉਹਨਾਂ ਕਿਹਾ ਕਿ ਫਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਚੱਲ ਰਹੀ ਹੈ। ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਿਕ ਨਹੀਂ ਹੋ ਰਹੀ। ਇਸ ਕਰਕੇ ਹੁਕਮਨਾਮੇ ਮੁਤਾਬਿਕ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਮੈਂਬਰਸ਼ਿਪ ਸ਼ੁਰੂ ਕਰੇਗੀ। ਇਸ ਦੇ ਲਈ ਨਿਗਰਾਨ ਕਮੇਟੀ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਉਹ ਸੂਝਵਾਨ ਵਿਅਕਤੀ ਹਨ ਅਤੇ ਉਹਨਾਂ ਵਰਗੇ ਵਿਅਕਤੀਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਨੂੰ ਲੋੜ ਹੈ। ਇਸ ਕਰਕੇ ਉਹਨਾਂ ਨੂੰ ਆਪਣੇ ਅਸਤੀਫੇ ਤੇ ਮੁੜ ਵਿਚਾਰ ਕਰਨ ਲਈ ਕਿਹਾ ਗਿਆ ਹੈ। ਉਹਨਾਂ ਨੂੰ ਇਹ ਵੀ ਕਿਹਾ ਹੈ ਕਿ ਜੇਕਰ ਉਹਨਾਂ ਨੂੰ ਉੱਚਿਤ ਲੱਗਦਾ ਹੈ ਤਾਂ ਉਹ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਸੰਭਾਲਣ। ਕਮੇਟੀ ਤੋਂ ਅਸਤੀਫਾ ਦੇ ਚੁੱਕੇ 2 ਮੈਂਬਰਾਂ ਵਿੱਚ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚਿਆ ਹੈ ਜਦੋਂ ਕਿ ਕਿਰਪਾਲ ਸਿੰਘ ਬਾਡੂੰਗਰ ਦਾ ਅਸਤੀਫਾ ਅਜੇ ਸਿੰਘ ਸਾਹਿਬ ਕੋਲ ਨਹੀਂ ਪਹੁੰਚਿਆ ਹੈ। ਜੇਕਰ ਉਹਨਾਂ ਦਾ ਅਸਤੀਫਾ ਆਉਂਦਾ ਹੈ ਤਾਂ ਇਸ ਨੂੰ ਪੰਜ ਸਿੰਘਾਂ ਦਾ ਬੈਠਕ ਵਿੱਚ ਵਿਚਾਰਿਆ ਜਾਵੇਗਾ।
Get all latest content delivered to your email a few times a month.