ਤਾਜਾ ਖਬਰਾਂ
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਤਰਨ-ਤਾਰਨ ਪੁਲਿਸ ਨੇ ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੂੰ ਲੋੜੀਂਦੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਨ ਸ਼ਹਿਨਾਜ਼ ਉਰਫ਼ ਸ਼ੌਨ ਭਿੰਡਰ ਵੱਜੋਂ ਹੋਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ (ਆਈ.ਪੀ.ਐਸ.) ਨੇ ਦੱਸਿਆ ਕਿ ਦੋਸ਼ੀ ਪਿੰਡ ਮੰਡਿਆਲਾ, ਥਾਣਾ ਘੁਮਾਣ, ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਕੈਨੇਡਾ ਵਿੱਚ ਬਰੈਂਪਟਨ, ਓਨਟਾਰੀਓ ਵਿੱਚ ਰਹਿ ਰਿਹਾ ਸੀ।
ਡੀਆਈਜੀ ਸ਼ਰਮਾ ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਐਫਬੀਆਈ ਨੇ ਅਮਰੀਕਾ ਵਿੱਚ ਸ਼ਾਨ ਭਿੰਡਰ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਦੇ ਕਬਜ਼ੇ ਵਿੱਚੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ, ਚਾਰ ਆਧੁਨਿਕ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਗਏ ਸਨ । ਹਾਲਾਂਕਿ ਦੋਸ਼ੀ (ਸ਼ੌਨ) ਐਫਬੀਆਈ ਦੇ ਅਧਿਕਾਰੀਆਂ ਨੂੰ ਝਕਾਨੀ ਦੇ ਕੇ ਭਾਰਤ ਪਰਤ ਗਿਆ ਸੀ ਪਰ ਇਸ ਸਬੰਧੀ ਪੁਖਤਾ ਖੁਫਿਆ ਜਾਣਕਾਰੀ ਮੁਹੱਇਆ ਹੋਣ ਤੇ ਤਰਨ ਤਾਰਨ ਪੁਲਿਸ ਨੇ ਬਿਨਾ ਸਮਾਂ ਗੰਵਾਇਆ ਦੋਸ਼ੀ ਨੂੰ ਲੁੱਧਿਆਣੇ ਤੋਂ ਗ੍ਰਿਫਤਾਰ ਕਰ ਲਿਆ ਹੈ ।
ਸ਼੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਤਰਨਤਾਰਨ ਪੁਲੀਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ (ਆਈਪੀਐਸ) ਅਤੇ ਡੀਐਸਪੀ ਸਪੈਸ਼ਲ ਕਰਾਈਮ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਨੇ ਮੁਲਜ਼ਮ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਐਫਬੀਆਈ ਵੱਲੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਵਿੱਚ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਉਰਫ਼ ਬੱਲ, ਅੰਮ੍ਰਿਤਪਾਲ ਸਿੰਘ ਉਰਫ਼ ਚੀਮਾ, ਤਕਦੀਰ ਸਿੰਘ ਉਰਫ਼ ਰੋਮੀ, ਸਰਬਜੀਤ ਸਿੰਘ ਸਾਬੀ, ਫਰਨਾਂਡੋ ਵੇਲਾਡੇਰਿਸ ਉਰਫ਼ ਫ੍ਰੈਂਕੋ ਅਤੇ ਗੁਰਲਾਲ ਸਿੰਘ ਸ਼ਾਮਲ ਹਨ।
ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸ਼ੌਨ ਭਿੰਡਰ ਨੇ ਵੱਖ-ਵੱਖ ਦੇਸ਼ਾਂ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਤੋਂ ਟਰੱਕਾਂ ਅਤੇ ਟਰਾਲਿਆਂ ਰਾਹੀਂ ਨਸ਼ਿਆਂ ਦੀ ਵੱਡੀ ਖੇਪ ਲਿਜਾਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ 2014 ਤੋਂ ਕੈਨੇਡਾ ਵਿੱਚ ਟਰਾਂਸਪੋਰਟ ਦਾ ਧੰਦਾ ਕਰਦਾ ਸੀ।ਉਹ ਕੋਲੰਬੀਆ ਤੋਂ ਮੈਕਸੀਕੋ ਰਾਹੀਂ ਅਮਰੀਕਾ ਅਤੇ ਕੈਨੇਡਾ ਵਿੱਚ ਟਰੱਕਾਂ ਰਾਹੀਂ ਨਸ਼ੇ ਦੀ ਸਪਲਾਈ ਕਰਦਾ ਸੀ। ਮੁੱਖ ਦੋਸ਼ੀ ਦੇ ਅੰਮ੍ਰਿਤਪਾਲ ਸਿੰਘ ਉਰਫ ਬਾਠ, ਗੁਰਜੰਟ ਸਿੰਘ ਭੋਲੂ ਹਵੇਲੀਆ, ਤਜਿੰਦਰ ਸਿੰਘ ਉਰਫ ਤੇਜੀ ਕਾਹਲੋਂ ਅਤੇ ਹਰਮਨ ਵੜੈਚ ਸਮੇਤ ਕੱਟੜ ਨਸ਼ਾ ਤਸਕਰਾਂ ਨਾਲ ਵੀ ਸਬੰਧ ਦੱਸੇ ਜਾ ਰਹੇ ਹਨ।
ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਨਾਜ਼ ਸਿੰਘ 28 ਦਸੰਬਰ 2024 (ਐਫਆਈਆਰ ਨੰਬਰ 232) ਯੂ/ਐਸ 111 (3) ਬੀਐਨਐਸ, 25 (1) (6) ਆਰਮਜ਼ ਐਕਟ, ਥਾਣਾ ਸਦਰ ਤਰਨਤਾਰਨ ਵਿਖੇ ਦਰਜ ਹੋਏ ਇੱਕ ਕੇਸ ਵਿੱਚ ਵੀ ਲੋੜੀਂਦਾ ਹੈ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਤਰਨਤਾਰਨ ਪੁਲਿਸ ਵੱਲੋਂ 26 ਅਕਤੂਬਰ ਤੋਂ 25 ਮਾਰਚ, 2015 ਤੱਕ ਪਿਛਲੀ ਬਰਾਮਦਗੀ ਅਤੇ ਗ੍ਰਿਫਤਾਰੀਆਂ। ਪੁਲਿਸ ਨੇ ਨਸ਼ਾ ਤਸਕਰੀ ਦੇ 17 ਕੇਸ ਦਰਜ ਕਰਕੇ 25 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 13 ਪਿਸਤੌਲ ਅਤੇ 24 ਜਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਹੋਇਆ ਹੈ।
ਤਰਨਤਾਰਨ ਪੁਲਿਸ ਨੇ 26 ਅਕਤੂਬਰ ਤੋਂ 9 ਮਾਰਚ, 2025 ਤੱਕ ਫਿਰੌਤੀ ਅਤੇ ਫਿਰੌਤੀ ਦੀਆਂ ਕਾਲਾਂ ਦੇ 15 ਕੇਸ ਟਰੇਸ ਕੀਤੇ ਹਨ। ਪੁਲਿਸ ਨੇ ਹੁਣ ਤੱਕ 52 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਮੇਂ ਦੌਰਾਨ ਐੱਨਡੀਪੀਐੱਸ ਐਕਟ ਤਹਿਤ 125 ਕੇਸ ਦਰਜ ਕੀਤੇ ਗਏ ਹਨ ਅਤੇ 145 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਹੁਣ ਤੱਕ 34.197 ਕਿਲੋ ਹੈਰੋਇਨ, 4.166 ਕਿਲੋ ਅਫੀਮ, 0.012 ਕਿਲੋ ਗਾਂਜਾ, 0.218 ਕਿਲੋ ਸੁਲਫਾ, 11594 ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ। ਪੁਲਿਸ ਨੇ 2,29,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਦੌਰਾਨ 29 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
Get all latest content delivered to your email a few times a month.