ਤਾਜਾ ਖਬਰਾਂ
ਮਾਨਸਾ, 12 ਮਾਰਚ : (ਸੰਜੀਵ ਜਿੰਦਲ) ਆਧੁਨਿਕ ਸਹੂਲਤਾਂ ਨਾਲ ਭਰਪੂਰ ਲਾਇਬ੍ਰੇਰੀਆਂ ਨੌਜਵਾਨਾਂ ਦਾ ਭਵਿੱਖ ਸੰਵਾਰਨ ਵਿੱਚ ਸਹਾਈ ਸਿੱਧ ਹੋਣਗੀਆਂ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਉੱਚ ਪੱਧਰ ਦਾ ਗਿਆਨ ਦੇਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨਗੀਆਂ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਸੈਂਟਰਲ ਪਾਰਕ ਮਾਨਸਾ ਵਿਖੇ ਸੈਂਟਰਲ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਸਦਕਾ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦੇ ਬੁਨਿਆਦੀ ਢਾਂਚੇ ਦੀ ਰੂਪ-ਰੇਖਾ ਪਹਿਲਾਂ ਮਾਨਸਾ ਵਿਖੇ ਰਹਿ ਚੁੱਕੇ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵੱਲੋਂ ਤਿਆਰ ਕੀਤੀ ਗਈ। ਅੱਜ ਖੋਲ੍ਹੀ ਗਈ ਸੈਂਟਰਲ ਲਾਇਬ੍ਰੇਰੀ ਵਿੱਚ ਐਚ.ਪੀ.ਸੀ.ਐਲ. ਦਾ ਵਿਸ਼ੇਸ਼ ਸਹਿਯੋਗ ਰਿਹਾ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਬਹੁਤ ਹੀ ਸੁੰਦਰ ਢੰਗ ਨਾਲ ਉਸਾਰੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੀ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਅੰਦਰ 25 ਲਾਇਬ੍ਰੇਰੀਆਂ ਬਣ ਕੇ ਤਿਆਰ ਹੋ ਚੁੱਕੀਆਂ ਹਨ, ਜਿਨ੍ਹਾਂ ਦਾ ਪਿੰਡਾਂ ਦੇ ਨੌਜਵਾਨ ਅਤੇ ਪੜ੍ਹਨ ਵਾਲੇ ਬੱਚੇ ਲਾਹਾ ਲੈ ਰਹੇ ਹਨ। ਇਸ ਤੋਂ ਇਲਾਵਾ ਬਾਕੀ ਲਾਈਬ੍ਰੇਰੀਆਂ ਵੀ ਬਣ ਕੇ ਜਲਦ ਹੀ ਤਿਆਰ ਹੋ ਜਾਣਗੀਆਂ। ਉਨ੍ਹਾਂ ਇਸ ਉਪਰਾਲੇ ਲਈ ਵਿਸ਼ੇਸ਼ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਆਊਸੇਪਚਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਭਰਪੂਰ ਇਨ੍ਹਾਂ ਲਾਇਬ੍ਰੇਰੀਆਂ ਦਾ ਮੌਜੂਦਾ ਸਮੇਂ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਕਾਫ਼ੀ ਫਾਇਦਾ ਹੋਵੇਗਾ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਵੱਡੇ-ਵੱਡੇ ਮਹਾਂਨਗਰਾਂ ਵਿੱਚ ਖੁਲ੍ਹੀਆਂ ਲਾਇਬ੍ਰੇਰੀਆਂ ਨੂੰ ਮਾਤ ਪਾਉਂਦੀ ਇਸ ਲਾਇਬ੍ਰੇਰੀ ਵਿੱਚ ਜਿੱਥੇ ਵਿਦਿਆਰਥੀਆਂ ਦੇ ਪੜ੍ਹਨ ਲਈ ਬਹੁਤ ਹੀ ਉਪਯੋਗੀ ਕਿਤਾਬਾਂ ਰੱਖੀਆਂ ਗਈਆਂ ਹਨ, ਉਥੇ ਹੀ ਡਿਜੀਟਲ ਕਿਤਾਬਾਂ ਪੜ੍ਹਨ ਅਤੇ ਡਾਊਨਲੋਡ ਕਰਨ ਲਈ ਕੰਪਿਊਟਰਜ਼ ਸਮੇਤ ਵਾਈ-ਫਾਈ ਕੁਨੈਕਸ਼ਨਰ ਅਤੇ ਵਧੀਆ ਫਰਨੀਚਰ ਵੀ ਮੁਹੱਈਆ ਕਰਵਾਇਆ ਗਿਆ ਹੈ।
ਚੇਅਰਮੈਨ ਜ਼ਿਲ੍ਹਾ ਯੋੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਆਪਣੇ ਸੰਬੋਧਨ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿੱਚ ਇਹ ਲਾਇਬ੍ਰੇਰੀਆਂ ਬਹੁਤ ਹੀ ਲਾਭਦਾਇਕ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਬੱਚੇ ਇਨ੍ਹਾਂ ਲਾਇਬੇ੍ਰਰੀਆਂ ਦਾ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਆਊਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਰਵੀ ਕੁਮਾਰ ਰਾਪੇਟੀ ਚੀਫ਼ ਮੈਨੇਜਰ ਐਚ.ਪੀ.ਸੀ.ਐਲ., ਚੰਦਰ ਸ਼ੇਖਰ ਚੀਫ਼ ਮੈਨੇਜਰ ਐਚ.ਪੀ.ਸੀ.ਐਲ., ਰਾਮ ਕੱਕੜ ਅਸਿਸਟੈਂਟ ਮੈਨੇਜਰ ਐਚ.ਪੀ.ਸੀ.ਐਲ., ਚਿੱਤਰ ਪੰਡੀ ਜੀ.ਐਮ. ਮਕੋਨ, ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਤੇਜਿੰਦਰ ਕੌਰ, ਸਕੱਤਰ ਰੈਡ ਕਰਾਸ ਸੋਸਾਇਟੀ ਦੇਬ ਅਸ਼ਮਿਤਾ ਵੇਜ, ਡਾ. ਭਰਪੂਰ ਸਿੰਘ, ਵਾਇਸ ਆਫ਼ ਮਾਨਸਾ ਅਤੇ ਇਨਵਾਇਰਮੈਂਟ ਸੋਸਾਇਟੀ ਮਾਨਸਾ ਦੇ ਟੀਮ ਮੈਂਬਰ ਤੋਂ ਇਲਾਵਾ ਹੋਰ ਅਧਿਕਾਰੀ, ਕਰਮਚਾਰੀ ਅਤੇ ਸ਼ਹਿਰ ਦੇ ਮੋਹਤਬਰ ਵਿਅਕਤੀ ਮੌਜੂਦ ਸਨ।
Get all latest content delivered to your email a few times a month.