IMG-LOGO
ਹੋਮ ਪੰਜਾਬ: ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ...

ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ-ਮੁੱਖ ਮੰਤਰੀ

Admin User - Mar 16, 2025 07:52 AM
IMG

ਚੰਡੀਗੜ੍ਹ, 16 ਮਾਰਚ- ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।72 ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਫਿਨਲੈਂਡ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਇਆ ਗਿਆ ਗੈਰ-ਜਮਹੂਰੀ ਤਰੀਕਾ ਭਾਜਪਾ ਅਤੇ ਇਸ ਦੀ ਜੁੰਡਲੀ ਦੇ ਇਰਾਦੇ ਬਾਰੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਤੌਰ 'ਤੇ ਉਨ੍ਹਾਂ ਸੂਬਿਆਂ ਦੀਆਂ ਸੀਟਾਂ ਘੱਟ ਕੀਤੀਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਅਤੇ ਇਸ ਦੇ ਸਹਿਯੋਗੀ ਕਮਜ਼ੋਰ ਹਨ, ਜਦੋਂ ਕਿ ਉਨ੍ਹਾਂ ਰਾਜਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਦਾ ਫੁੱਟ ਪਾਊ ਏਜੰਡਾ ਪ੍ਰਫੁੱਲਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਮੂੰਹ ਬੰਦ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਸਾਰੀਆਂ ਹਮਖਿਆਲੀ ਪਾਰਟੀਆਂ ਹੱਥ ਮਿਲਾਉਣਗੀਆਂ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਕਸ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ ਕਿਉਂਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਲਈ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਘਟਨਾ ਪਿੱਛੇ ਵੀ ਉਨ੍ਹਾਂ ਫੁੱਟ ਪਾਊ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦੂਜੇ ਰਾਜਾਂ ਨਾਲੋਂ ਬਹੁਤ ਬਿਹਤਰ ਹੈ ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ 'ਤੇ ਮੁਸਤੈਦੀ ਨਾਲ ਨਜ਼ਰ ਰੱਖ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਸਰਹੱਦ ਪਾਰਲੇ ਅਤਿਵਾਦ ਦਾ ਸ਼ਿਕਾਰ ਰਿਹਾ ਹੈ ਅਤੇ ਸੂਬਾ ਨਸ਼ੇ ਤੇ ਅਤਿਵਾਦ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਨਸ਼ੇ, ਹਥਿਆਰਾਂ ਅਤੇ ਹੋਰ ਚੀਜ਼ਾਂ ਦੀ ਤਸਕਰੀ ਲਈ ਅਕਸਰ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਜਦੋਂ ਤੋਂ ਸੂਬੇ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਹੈ, ਉਦੋਂ ਤੋਂ ਡਰੋਨਾਂ ਰਾਹੀਂ ਤਸਕਰੀ ਨੂੰ ਠੱਲ੍ਹ ਪਈ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.