ਤਾਜਾ ਖਬਰਾਂ
ਅੰਮ੍ਰਿਤਸਰ, 16 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਪਰਮਾਤਮਾ ਦਾ ਧੰਨਵਾਦ ਕੀਤਾ।
ਦੋਵਾਂ ਆਗੂਆਂ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿੱਚ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਵੱਡੀ ਤਬਦੀਲੀ ਦੇਖੀ ਗਈ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2022 ਵਿੱਚ ਅੱਜ ਦੇ ਦਿਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦੇ ਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਖ਼ਤ ਯਤਨ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ ਅਤੇ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਘਰਾਂ ਲਈ ਵੱਡੀ ਬੱਚਤ ਕਰ ਕੇ ਆਮ ਆਦਮੀ ਦੀ ਜੇਬ ਤੋਂ ਵੱਡਾ ਬੋਝ ਘਟਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਪੰਜਾਬ ਨੂੰ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਸੂਬੇ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਜਿਨ੍ਹਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2.70 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤ ਤੋਂ ਹੀ ਇਨ੍ਹਾਂ ਕਲੀਨਿਕਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆ ਚੁੱਕੇ ਹਨ, ਜਿਸ ਤੋਂ ਪਤਾ ਚਲਦਾ ਹੈ ਕਿ ਸੂਬੇ ਦਾ ਹਰ ਤੀਜਾ ਵਿਅਕਤੀ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜੋ ਸਮਾਰਟ ਕਲਾਸਰੂਮਾਂ, ਅਤਿ-ਆਧੁਨਿਕ ਲੈਬਾਟਰੀਆਂ ਅਤੇ ਵਿਗਿਆਨਕ ਸਿੱਖਿਆ ‘ਤੇ ਆਧਾਰਤ ਖੇਡ ਮੈਦਾਨਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਲਗਪਗ 17 ਫੀਸਦ ਦਾ ਵਾਧਾ ਦਰਜ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਪੜ੍ਹਾਉਣ ਦੇ ਆਧੁਨਿਕ ਅਭਿਆਸਾਂ ਤੋਂ ਜਾਣੂ ਹੋ ਕੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਖੇਤਰ ਵਿੱਚ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅੱਜ 75 ਫੀਸਦ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਪਾਸੇ ਦਹਾਕਿਆਂ ਤੋਂ ਵਾਂਝੇ ਕਿਸਾਨਾਂ ਨੂੰ ਨਹਿਰੀ ਪਾਣੀ ਯਕੀਨੀ ਬਣਾਇਆ ਹੈ ਅਤੇ ਦੂਜੇ ਪਾਸੇ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਨੂੰ ਬਚਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਲਈ "ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਨਾਮੀ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 43 ਨਾਗਰਿਕ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ, ਜੋ ਲੋਕਾਂ ਦੇ ਰੋਜ਼ਾਨਾ ਪ੍ਰਸ਼ਾਸਕੀ ਕੰਮਾਂ ਦਾ 99 ਫੀਸਦ ਤੋਂ ਵੱਧ ਬਣਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਮਿਲਣ ਨਾਲ ਵੱਡੀ ਰਾਹਤ ਮਿਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਪੂਰੀ ਤਰ੍ਹਾਂ ਬਰਕਰਾਰ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਦੀ ਨੀਂਹ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਪਗ 94,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਸਰੋਤਾਂ ਅਤੇ ਬਿਹਤਰ ਉਦਯੋਗਿਕ ਤੇ ਕੰਮ ਲਈ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਪਸੰਦ ਦੇ ਤੀਰਥ ਸਥਾਨ ਦੀ ਯਾਤਰਾ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡੇ ਪੱਧਰ 'ਤੇ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਵੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਇੱਕ ਬੇਮਿਸਾਲ ਯੋਜਨਾ ਹੈ ਅਤੇ 35,000 ਤੋਂ ਵੱਧ ਸ਼ਰਧਾਲੂਆਂ ਨੇ ਇਸ ਦਾ ਲਾਭ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਨਾਮੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ ਗਏ 1597 ਕਰਮਚਾਰੀ ਜਿਨ੍ਹਾਂ ਵਿੱਚ ਕੁੜੀਆਂ ਵੀ ਸ਼ਾਮਲ ਹਨ, ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ 144 ਵਾਹਨ ਦਿੱਤੇ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਲੋਕਾਂ ਦੀ ਸੇਵਾ ਲਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਸੂਬੇ ਵਿੱਚ ਕ੍ਰਾਤੀਕਾਰੀ ਤਬਦੀਲੀਆਂ ਆਉਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਸੇਵਾ 'ਤੇ ਹੋਵੇਗਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਨੂੰ ਨਿਆਂ ਦੇਣ ਅਤੇ ਸੂਬੇ ਨੂੰ ਤੇਜ਼ ਵਿਕਾਸ ਦੀ ਪਟੜੀ ‘ਤੇ ਚਾੜ੍ਹਨ ਲਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਜਲਦੀ ਪੰਜਾਬ ਇਨ੍ਹਾਂ ਸਮਾਜਿਕ ਬੁਰਾਈਆਂ ਤੋਂ ਮੁਕਤ ਹੋ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਨੂੰ ਸ਼ਾਂਤਮਈ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।
Get all latest content delivered to your email a few times a month.