ਤਾਜਾ ਖਬਰਾਂ
ਚੰਡੀਗੜ੍ਹ, 18 ਮਾਰਚ –ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਲਈ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਝੱਲ ਬੀਂਬੜੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਦੋਵਾਂ ਨੇ ਪਿੰਡ ਦੀ ਇੱਕ ਗਲੀ ਦੀ ਉਸਾਰੀ ਸਬੰਧੀ ਲਾਗਤ ਦਾ ਭੁਗਤਾਨ ਕਰਨ ਲਈ ਬੈਂਕ ਚੈੱਕ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ।
ਉਨਾਂ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦਕਿ ਬੀ.ਡੀ.ਪੀ.ਓ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋਵਾਂ ਮੁਲਜਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਪੰਚਾਇਤ ਸਕੱਤਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.