ਤਾਜਾ ਖਬਰਾਂ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਇਹਨਾਂ ਦੀ ਬਿਹਤਰੀ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ
ਚੰਡੀਗੜ੍ਹ, 22 ਮਾਰਚ :ਮੁੱਖ ਮੰਤਰੀ .ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ ਅਤੇ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਤੌਰ 'ਤੇ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਸਾਲ 2022-23 ਦੌਰਾਨ 3651.08 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 21.26 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 3950.68 ਕਰੋੜ ਰੁਪਏ ਦੀ ਰਾਸ਼ੀ ਵੰਡੀ ਅਤੇ 22.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਸਾਲ 2024-25 ਦੌਰਾਨ 3708.57 ਕਰੋੜ ਦੀ ਰਾਸ਼ੀ ਵੰਡੀ ਗਈ ਜਿਸ ਅਧੀਨ 22.64 ਲੱਖ ਲੋਕਾਂ ਨੂੰ ਲਾਭ ਹੋਇਆ। ਇਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਬੁਢਾਪਾ ਪੈਨਸ਼ਨ ਦੇ ਤੌਰ 'ਤੇ 11310.33 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਦੇ ਤੌਰ ਤੇ ਵਿੱਤੀ ਸਾਲ 2022-23 ਦੌਰਾਨ 1013.07 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 5.84 ਲੱਖ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 1084.92 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ 1042.63 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.47 ਲੱਖ ਲੋਕਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਗਿਆ। ਇਸ ਤਰ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ 3140.62 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 1077.41 ਕਰੋੜ ਰੁਪਏ ਦੀ ਰਾਸ਼ੀ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 1319.47 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਡਾ ਬਲਜੀਤ ਕੌਰ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ। ਇਸ ਲਈ ਸੂਬਾ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹਨਾਂ ਸਭ ਉਪਰਾਲਿਆਂ ਦਾ ਉਦੇਸ਼ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਦਾ ਸਬੰਧ ਲੋੜਵੰਦ ਅਤੇ ਗਰੀਬ ਲੋਕਾਂ ਨਾਲ ਹੈ। ਇਸ ਲਈ ਇਹਨਾਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਦੀ ਸੂਰਤ ਵਿੱਚ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
Get all latest content delivered to your email a few times a month.