IMG-LOGO
ਹੋਮ ਪੰਜਾਬ, ਵਿਰਾਸਤ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ

Admin User - Mar 24, 2025 08:26 PM
IMG

ਸ੍ਰੀ ਅਨੰਦਪੁਰ ਸਾਹਿਬ-  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿੱਚ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰਨ ਲਈ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ 'ਤੇ ਚਰਚਾ ਹੋਈ।

ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੂਰੇ ਵਿਸ਼ਵ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਤੋਂ ਹੋਵੇਗੀ। ਇਸ ਮਗਰੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਇਤਿਹਾਸਕ ਅਸਥਾਨਾਂ ਜਿਵੇਂ ਕਿ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ, ਗੁਰਦੁਆਰਾ ਮੋਤੀ ਬਾਗ ਪਟਿਆਲਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਸਮੇਤ ਦੇਸ਼ ਦੇ ਹੋਰ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਕੀਤੇ ਜਾਣਗੇ।

ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 21 ਨਵੰਬਰ 29 ਨਵੰਬਰ 2025 ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਇਸ ਦੌਰਾਨ 21 ਤੋਂ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਸਬੰਧੀ ਸਮਾਗਮ ਹੋਵੇਗਾ ਅਤੇ 24 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ, ਮਟਨ ਜੰਮੂ ਕਸ਼ਮੀਰ ਅਤੇ ਦਿੱਲੀ ਸਮੇਤ ਹੋਰ ਥਾਵਾਂ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਨਗਰ ਕੀਰਤਨ ਵੀ ਸਜਾਏ ਜਾਣਗੇ। ਮੀਟਿੰਗ ਵਿਚ ਸੰਗਤਾਂ ਨੂੰ ਗੁਰੂ ਸਾਹਿਬ ਦੇ ਸੰਦੇਸ਼ ਨਾਲ ਜੋੜਨ ਲਈ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਨੌਜਵਾਨਾਂ ਲਈ ਗੁਰਮਤਿ ਸਿੱਖਿਆ ਕੈਂਪ ਆਯੋਜਿਤ ਕੀਤੇ ਜਾਣ ਬਾਰੇ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਖ-ਵੱਖ ਸਬ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਜਾਣਗੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.