ਤਾਜਾ ਖਬਰਾਂ
ਇਹ ਬਜਟ ਆਉਣ ਵਾਲੇ ਦਿਨਾਂ 'ਚ ਪੰਜਾਬ ਨੂੰ ਬਹੁਤ ਅੱਗੇ ਲੈ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ-ਅਮਨ ਅਰੋੜਾ
ਚੰਡੀਗੜ੍ਹ, 26 ਮਾਰਚ- ਪੰਜਾਬ ਦੇ 2025-26 ਦੇ ਬਜਟ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਬਜਟ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਬਹੁਤ ਅੱਗੇ ਲੈ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ।
‘ਆਪ’ ਆਗੂਆਂ ਨੀਲ ਗਰਗ ਅਤੇ ਸੰਨੀ ਆਹਲੂਵਾਲੀਆ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 2.36 ਲੱਖ ਰੁਪਏ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ। ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਮਾਲੀਆ ਵੀ 14 ਫੀਸਦੀ ਵਧਿਆ ਹੈ।
ਉਨ੍ਹਾਂ ਕਿਹਾ ਕਿ ਇਹ ਬਜਟ ‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ। ਬਜਟ ਵਿੱਚ ਸਰਹੱਦ ਪਾਰ ਦੀ ਤਸਕਰੀ ਨਾਲ ਨਜਿੱਠਣ ਲਈ ਐਡਵਾਂਸਡ ਐਂਟੀ ਡਰੋਨ ਸਿਸਟਮ ਲਈ 110 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ, ਪੰਜਾਬ ਦੀ ਪਹਿਲੀ "ਡਰੱਗ ਜਨਗਣਨਾ" ਲਈ 150 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਦੇ ਨਾਲ ਹੀ, 125 ਕਰੋੜ ਰੁਪਏ ਦੀ ਲਾਗਤ ਨਾਲ 112 ਐਮਰਜੈਂਸੀ ਸੇਵਾਵਾਂ ਨੂੰ ਹੋਰ ਸੁਧਾਰਿਆ ਜਾਵੇਗਾ। ਇਸ ਦੇ ਲਈ ਸਰਕਾਰ 1674 ਦੋ ਪਹੀਆ ਅਤੇ ਚਾਰ ਪਹੀਆ ਵਾਹਨ ਖਰੀਦੇਗੀ, ਜਿਸ ਤੋਂ ਬਾਅਦ ਪੁਲਿਸ ਦਾ ਜਵਾਬ ਸਮਾਂ ਸਿਰਫ 8 ਮਿੰਟ ਹੋਵੇਗਾ।
ਅਰੋੜਾ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਦਾ ਵਧੀਆ ਹੱਲ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਲਈ ‘ਆਪ’ ਸਰਕਾਰ ਵੀ ਪੰਜਾਬ ਦੀ ਖੇਡ ਪਰੰਪਰਾ ਨੂੰ ਮੁੜ ਸੁਰਜੀਤ ਕਰ ਰਹੀ ਹੈ। 2025-26 ਦੇ ਬਜਟ ਵਿੱਚ ਖੇਡਾਂ ਲਈ 979 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ 3000 ਤੋਂ ਵੱਧ ਇਨਡੋਰ ਜਿੰਮ ਵੀ ਬਣਾਏ ਜਾ ਰਹੇ ਹਨ।
'ਆਪ' ਸਰਕਾਰ ਵੀ 'ਤੰਦਰੁਸਤ ਪੰਜਾਬ' ਦਾ ਨਿਰਮਾਣ ਕਰ ਰਹੀ ਹੈ। ਇਸ ਵਾਰ ਦੇ ਬਜਟ ਵਿੱਚ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮੇ ਅਧੀਨ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ‘ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ’ ਦਾ ਘੇਰਾ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਪ੍ਰਤੀ ਪਰਿਵਾਰ ਕੀਤਾ ਗਿਆ ਹੈ ਅਤੇ ਇਸ ਲਈ 778 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਦਾ ਬਜਟ ਵਧਾ ਕੇ ਕਰੀਬ 5600 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਲਈ ਆਮ ਆਦਮੀ ਕਲੀਨਿਕ ਲਈ 268 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ 70,000 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 3 ਕਰੋੜ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
ਇਸ ਵਾਰ ਸਿੱਖਿਆ ਲਈ 18000 ਕਰੋੜ ਰੁਪਏ ਤੋਂ ਵੱਧ ਦੀ ਵਿਵਸਥਾ ਕੀਤੀ ਗਈ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਧ ਵੰਡ ਹੈ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਅਤੇ ਸਿਹਤ ਸਾਡੀ ਸਰਕਾਰ ਦੀ ਤਰਜੀਹ ਹੈ। ਇਸ ਤੋਂ ਇਲਾਵਾ 2.5 ਲੱਖ ਸਟਰੀਟ ਲਾਈਟਾਂ ਲਗਾਉਣ ਲਈ ਵੀ ਬਜਟ ਵਿੱਚ ਉਪਬੰਧ ਕੀਤਾ ਗਿਆ ਹੈ। ਸਟਰੀਟ ਲਾਈਟਾਂ ਲੋਕਾਂ ਲਈ ਸਹੂਲਤ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਲਾਹੇਵੰਦ ਸਾਬਤ ਹੋਣਗੀਆਂ।
ਇਸ ਵਾਰ ਇੰਡਸਟਰੀ ਨੂੰ ਰਿਆਇਤਾਂ ਦੇਣ ਲਈ ਬਜਟ ਵਿੱਚ 250 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਪਾਰ ਨੂੰ ਬੜ੍ਹਾਵਾ ਦੇ ਰਹੀ ਹੈ। ਪਿਛਲੇ 3 ਸਾਲਾਂ ਵਿੱਚ ਪੰਜਾਬ ਵਿੱਚ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਇਸ ਲਈ ਪੇਂਡੂ ਵਿਕਾਸ ਲਈ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਜਿਸ ਰਾਹੀਂ ਪਿੰਡਾਂ ਦੀਆਂ ਕਰੀਬ 19 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦਾ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਜਿਹਾ ਬਜਟ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਅਸੀਂ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੇ ਹਾਂ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਵਿੱਚ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਆਪਣੇ ਸਿਖਰ ’ਤੇ ਸਨ, ਜਿਸ ਕਰਕੇ ਉਨ੍ਹਾਂ ਦਾ ਬਜਟ ਖੋਖਲਾ ਸਾਬਤ ਹੋਇਆ। ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ।
Get all latest content delivered to your email a few times a month.