ਤਾਜਾ ਖਬਰਾਂ
ਚੰਡੀਗੜ੍ਹ, 26 ਮਾਰਚਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਅੱਜ ਬਜਟ ਵਿੱਚ ਜਲੰਧਰ ਸ਼ਹਿਰ ਨੂੰ ਵੱਡੇ ਤੋਹਫੇ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਵਿਭਾਗ ਲਈ ਰੱਖੇ 137 ਕਰੋੜ ਰੁਪਏ ਲਈ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਫਸਲੀ ਵਿਭਿੰਨਤਾ ਅਤੇ ਬਾਗਬਾਨੀ ਨੂੰ ਵੱਡਾ ਹੁਲਾਰੇ ਮਿਲੇਗਾ।
ਮੋਹਿੰਦਰ ਭਗਤ ਨੇ ਕਿਹਾ ਕਿ ਜਲੰਧਰ, ਅਮ੍ਰਿਤਸਰ, ਲੁਧਿਆਣਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਹਰ (ਮੁਹਾਲੀ) ਸ਼ਹਿਰਾਂ ਵਿੱਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪਹਿਲੇ ਸਾਲ ਲਈ ਇਸ ਪ੍ਰਾਜੈਕਟ ਦੀ ਲਾਗਤ 140 ਕਰੋੜ ਰੁਪਏ ਹੋਵੇਗੀ। ਇਨ੍ਹਾਂ ਸ਼ਹਿਰਾਂ ਵਿੱਚ ਸਭ ਤੋਂ ਪ੍ਰਮੁੱਖ ਸੜਕੀ ਹਿੱਸੇ ਸ਼ਾਮਲ ਹੋਣਗੇ। ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਈਨ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਲੇਨ ਮਾਰਕਿੰਗ, ਨਿਰੰਤਰ ਮਾਰਕਿੰਗ ਕਰਨੀ, ਪੈਦਲ ਚੱਲਣ ਵਾਲਿਆਂ ਲਈ ਸੋਹਣੇ ਫੁੱਟਪਾਥ, ਫੁੱਟਪਾਥਾਂ ਅਤੇ ਵਿਚਕਾਰਲੀਆਂ ਪੱਟੀਆਂ ਨੂੰ ਲੈਂਡਸਕੇਪਿੰਗ ਰਾਹੀਂ ਵਧੀਆ ਦਿੱਖ ਦੇਣੀ, ਬਿਜਲੀ ਲਾਈਨਾਂ, ਸਟਰੀਟ ਲਾਈਟਾਂ, ਪਾਣੀ ਸਪਲਾਈ ਲਾਈਨਾਂ, ਬੱਸ ਸਟੈਂਡ, ਦਰੱਖਤ ਆਦਿ ਤਰਤੀਬ ਅਨੁਸਾਰ ਰੱਖਣ ਤੋਂ ਇਲਾਵਾ ਸਾਰੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਲਈ 10 ਸਾਲਾਂ ਲਈ ਠੇਕੇਦਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਪੰਜਾਬ ਮਿਉਂਸੀਪਲ ਡਿਵੈਲਪਮੈਂਟ ਫੰਡ ਵਿੱਚ 225 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ 347 ਈ-ਬੱਸਾਂ ਖਰੀਦਣ ਦਾ ਫੈਸਲਾ ਕੀਤਾ ਗਿਆ ਹੈ। ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਸਿਵਲ ਬੱਸ ਡਿਪੂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿੱਚ ਉਪਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਉਦਯੋਗਿਕ ਕੇਂਦਰਾਂ ਵਿੱਚ ਤਕਨਾਲੋਜੀ ਵਿਸਥਾਰ ਕੇਂਦਰ ਦੀ ਸਥਾਪਨਾ ਹੋਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਜਟ ਵਿੱਚ ਸਾਰੇ ਵਰਗਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ, ਸਿਹਤ, ਸਿੱਖਿਆ, ਖੇਡਾਂ, ਬੁਨਿਆਦੀ ਢਾਂਚਾ, ਖੇਤੀਬਾੜੀ, ਪੇਂਡੂ ਤੇ ਸ਼ਹਿਰੀ ਵਿਕਾਸ ਆਦਿ ਲਈ ਕੀਤੇ ਵੱਡੇ ਐਲਾਨਾਂ ਦੇ ਨਾਲ ਇਹ ਬਜਟ ਲੋਕ ਪੱਖੀ ਤੇ ਵਿਕਾਸ ਪੱਖੀ ਹੈ। ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਉਪਰ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਉਨ੍ਹਾਂ ਕਿਹਾ ਇਸ ਬਜਟ ਨਾਲ ਸੂਬੇ ਦਾ ਸਮੁੱਚਾ ਵਿਕਾਸ ਹੋਵੇਗਾ।
Get all latest content delivered to your email a few times a month.