IMG-LOGO
ਹੋਮ ਪੰਜਾਬ: ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ...

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Admin User - Mar 28, 2025 06:09 PM
IMG

ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੇ ਤਰਨਤਾਰਨ ਵਿੰਗ ਦੀ ਟੀਮ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਤ ਤਸਕਰ ਅਮਰ ਵਾਸੀ ਘੜਕ ਨਾਲ ਸਬੰਧ ਹਨ, ਜੋ ਸਰਹੱਦ ਪਾਰੋਂ ਹਥਿਆਰਾਂ/ਗੋਲੀ-ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਕਿ ਦੋਸ਼ੀ ਫਤਿਹ ਅਤੇ ਗੁਰਪ੍ਰੀਤ ਨੇ ਹਾਲ ਹੀ ਵਿੱਚ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਅੰਮ੍ਰਿਤਸਰ ਦੇ ਨਰਾਇਣਗੜ੍ਹ ਵਿਖੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਨੇੜੇ ਪਹੁੰਚਾਉਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ  ਸੀਆਈ ਵਿੰਗ ਤਰਨਤਾਰਨ ਦੀਆਂ ਪੁਲਿਸ ਟੀਮਾਂ ਨੇ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਅਮਰ ਅਤੇ ਉਸ ਦੇ ਸਾਥੀ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਸੱਤਾ ਨੌਸ਼ਹਿਰਾ ਨਾਲ ਮਿਲ ਕੇ ਕੰਮ ਕਰ ਰਹੇ ਹਨ ਅਤੇ ਡਰੋਨ ਦੀ ਮਦਦ ਨਾਲ ਆਪਣੇ ਭਾਰਤੀ ਸਾਥੀਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਵੀ ਹੋਇਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਅਮਰ ਦੇ ਲਗਾਤਾਰ ਸੰਪਰਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਰਹੀ ਹੈ। 

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25, 25(1)(ਏ), 25(7) ਅਤੇ 25(8) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 16 ਮਿਤੀ 27-03-25 ਦਰਜ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.