ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਦੀਆਂ 1865 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਲਈ ਨਿਰਵਿਘਨ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਖਰੀਦ ਕੇਂਦਰਾਂ ਵਿੱਚ ਬਿਜਲੀ, ਛਾਂ ਅਤੇ ਪੀਣ ਵਾਲੇ ਸਾਫ਼ ਪਾਣੀ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਕਿਸਾਨਾਂ ਨੂੰ ਫਸਲ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਆਪਣੇ ਆੜ੍ਹਤੀਆਂ ਰਾਹੀਂ ਜ਼ਮੀਨ ਦੀ ਮੈਪਿੰਗ ਕਰਵਾਈ ਜਾਵੇ ਤਾਂ ਜੋ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਇਸਦੀ ਸਮੇਂ ਸਿਰ ਸੁਚਾਰੂ ਖਰੀਦ ਹੋ ਸਕੇ।
ਖੁੱਡੀਆਂ ਨੇ ਕਿਹਾ ਕਿ ਜ਼ਮੀਨ ਮਾਲਕ ਮੰਡੀ ਬੋਰਡ ਦੇ ਪੋਰਟਲ "emandikaran-pb.in" 'ਤੇ ਆਪਣੇ ਜ਼ਮੀਨ ਦੇ ਮੈਪਿੰਗ ਵੇਰਵਿਆਂ ਨੂੰ ਵੈਰੀਫਾਈ ਕਰ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਸਿਹਤ ਸੰਭਾਲ ਸੇਵਾਵਾਂ ਲੈਣ ਲਈ ਜੇ-ਫਾਰਮ ਧਾਰਕ ਕਿਸਾਨ ਹੁਣ ਆਪਣੀ ਸਬੰਧਤ ਮਾਰਕੀਟ ਕਮੇਟੀ ਨਾਲ ਸੰਪਰਕ ਕਰਕੇ ਆਯੁਸ਼ਮਾਨ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਪ੍ਰਕਿਰਿਆ ਸਬੰਧੀ ਕਿਸੇ ਵੀ ਸਵਾਲ ਜਾਂ ਵਾਧੂ ਜਾਣਕਾਰੀ ਲਈ ਕਿਸਾਨ ਆਪਣੇ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਪੰਜਾਬ ਮੰਡੀ ਬੋਰਡ ਦੇ ਪੋਰਟਲ 'ਤੇ ਜਾ ਸਕਦੇ ਹਨ।
Get all latest content delivered to your email a few times a month.