ਤਾਜਾ ਖਬਰਾਂ
ਚੱਬੇਵਾਲ/ਹੁਸ਼ਿਆਰਪੁਰ, 7 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਚੱਬੇਵਾਲ ਵਿਖੇ ਤਿੰਨ ਸਕੂਲਾਂ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾੜੀਆਂ ਕਲਾਂ ਵਿਖੇ 18.72 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਬਾੜੀਆਂ ਕਲਾਂ ਵਿਖੇ 9.1 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭੂੰਨੋ ਵਿਖੇ 2.5 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਕੰਮਾਂ ਦਾ ਉਦਘਾਟਨ ਅਤੇ ਵਿਦਿਆਰਥੀਆਂ ਨੂੰ ਸਾਈਕਲ ਵੰਡਣ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਰਾਜ ਵਿਚ ਸਿੱਖਿਆ ਦੇ ਖੇਤਰ ਨੂੰ ਬਣਦੀ ਤਰਜ਼ੀਹ ਪਹਿਲੀ ਵਾਰ ਦਿੱਤੀ ਗਈ ਹੈ ਜਿਸ ਦਾ ਸਿਹਰਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ ਸਗੋਂ ਸਿੱਖਿਆ ਦੇ ਪੱਧਰ ਵਿਚ ਵੱਡੇ ਸੁਧਾਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਸਿੱਖਿਆ ਦੇ ਨਕਸ਼ੇ ’ਤੇ ਸ਼ਾਨਦਾਰ ਢੰਗ ਨਾਲ ਉਭਰ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਸੂਬੇ ਦੇ ਕੁੱਲ ਬਜਟ ਦਾ 12ਫੀਸਦੀ ਸਿੱਖਿਆ ਦੇ ਖੇਤਰ ਲਈ ਰਾਂਖਵਾਂ ਰੱਖਣ ਦੀ ਗੱਲ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਰੱਖੇ 17975 ਕਰੋੜ ਰੁਪਏ ਨਾਲ ਇਸ ਖੇਤਰ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਅਧਿਆਪਨ ਦੇ ਖੇਤਰ ਵਿਚ ਲੋੜੀਂਦੀ ਤਬਦੀਲੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮੌਜੂਦਾ ਯੁੱਗ ’ਚ ਮੁਕਾਬਲੇਬਾਜ਼ੀ ਦੇ ਮੱਦੇਨਜ਼ਰ ਮਿਆਰੀ ਸਿੱਖਿਆ ਹਾਸਲ ਹੋ ਰਹੀ ਹੈ ਜਿਸ ਨਾਲ ਉਹ ਦੇਸ਼-ਵਿਦੇਸ਼ ਵਿਚ ਚੁਨੌਤੀਆਂ ਦਾ ਸਹਿਜੇ ਸਾਹਮਣਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿਚ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਭਵਿੱਖ ਵਿਚ ਵੀ ਇਹ ਸੁਧਾਰ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ, ਮਾਪੇ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।
Get all latest content delivered to your email a few times a month.