ਤਾਜਾ ਖਬਰਾਂ
ਐਤਵਾਰ ਤੱਕ 6177 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਹੋਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ: ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ 13.23 ਕਰੋੜ ਰੁਪਏ, ਹੁਣ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਹਲਕੀ ਵਰਖਾ ਹੋਈ ਹੈ ਅਤੇ ਮੀਂਹ ਕਰਕੇ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਡਾ. ਨਵਰੀਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 6177 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 1594 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1964 ਮੀਟ੍ਰਿਕ ਟਨ, ਪਨਸਪ ਵੱਲੋਂ 1974 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 470 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 117 ਮੀਟ੍ਰਿਕ ਟਨ ਅਤੇ ਵਪਾਰੀ ਵਰਗ ਵੱਲੋਂ 58 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਅਨੁਸਾਰ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਤੈਅ ਸਮੇਂ (ਖਰੀਦ ਤੋਂ 72 ਘੰਟਿਆ ਦੇ ਵਿੱਚ) ਕੀਤੀ ਜਾ ਰਹੀ ਹੈ। ਐਫ.ਸੀ.ਆਈ. ਅਤੇ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਕਣਕ ਸਿੱਧੀ ਖਰੀਦ ਕੇ ਰੇਲਵੇ ਅਤੇ ਸੜ੍ਹਕੀ ਰਸਤੇ ਰਾਹੀਂ ਦੂਸਰੇ ਸੂਬਿਆਂ ਵਿੱਚ ਭੇਜਣੀ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਖਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਖ੍ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ।
Get all latest content delivered to your email a few times a month.