IMG-LOGO
ਹੋਮ ਪੰਜਾਬ, ਵਿਓਪਾਰ, ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ...

ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

Admin User - Apr 16, 2025 07:06 PM
IMG

ਈ-ਸੇਵਾ ਕੇਂਦਰਾਂ ਅਤੇ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਨੂੰ ਹੋਰ ਬੇਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਪ੍ਰਦਾਨ ਕਰਨ ਦੀ ਪ੍ਰਮੁੱਖ ਤਰਜੀਹ ਦੇ ਹਿੱਸੇ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਮਾਲ ਵਿਭਾਗ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਵੀ 25 ਅਪ੍ਰੈਲ, 2025 ਤੱਕ ਮੁਹਿੰਮ ਦੇ ਆਧਾਰ 'ਤੇ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਸਾਰੀਆਂ ਲੰਬਿਤ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵਾਹਨ ਅਤੇ ਸਾਰਥੀ ਸੇਵਾਵਾਂ ਸਮੇਤ ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਬਕਾਇਆ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਮਾ ਨੇ ਕਿਹਾ ਕਿ 25 ਅਪ੍ਰੈਲ ਤੋਂ ਬਾਅਦ ਵਿਭਾਗ ਵੱਲੋਂ ਇਹ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਦਾਨ ਕੀਤੀਆਂ ਜਾਣਗੀਆਂ ਯਕੀਨੀ ਬਣਾਈਆਂ ਜਾਣਗੀਆਂ।

ਟਰਾਂਸਪੋਰਟ ਵਿਭਾਗ ਵੱਲੋਂ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਾਲ ਸੈਂਟਰ ਨੰਬਰ 1076 ਅਤੇ ਸੇਵਾ ਕੇਂਦਰਾਂ ਰਾਹੀਂ 20 ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ (ਡੋਰਸਟੈਪ ਡਿਲੀਵਰੀ ਤਹਿਤ) ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਨਾਗਰਿਕਾਂ ਨੂੰ ਆਰ.ਟੀ.ਓ. ਦਫ਼ਤਰਾਂ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਐਲਾਨ ਕੀਤਾ ਕਿ ਸਾਰੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਜਲਦ ਹੀ ਈ-ਸੇਵਾ ਕੇਂਦਰਾਂ (1076) ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਸ ਨਾਲ ਆਰ.ਟੀ.ਓ. ਦਫ਼ਤਰਾਂ ਵਿੱਚ ਖੁਦ ਜਾਣ ਦੀ ਜ਼ਰੂਰਤ ਪੂਰੀ ਤ੍ਹਰਾਂ ਖ਼ਤਮ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਾਗਰਿਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਲਈ ਫੇਸਲੈਸ ਸੇਵਾਵਾਂ ਦੀ ਸਹੂਲਤ ਵਾਸਤੇ ਜਲਦ ਹੀ ਇੱਕ ਵਾਟਸਐਪ ਚੈਟਬੋਟ ਪੇਸ਼ ਕੀਤਾ ਜਾਵੇਗਾ ਜਿਸ ਰਾਹੀਂ ਉਹ ਆਪਣੇ ਫੋਨ ਵਿੱਚ ਵੱਟਸਐਪ ਰਾਹੀਂ ਸੇਵਾਵਾਂ ਹਾਸਿਲ ਕਰ ਸਕਣਗੇ।

ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਜਵਾਬਦੇਹੀ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਸਮੇਤ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਬੇਲੋੜੀ ਦੇਰੀ ਨੂੰ ਰੋਕਣ ਲਈ ਨਿਯਮਿਤ ਤੌਰ 'ਤੇ ਸਰਵਿਸ ਡਲੀਵਰੀ ਦੀ ਨਿਗਰਾਨੀ ਕਰਨਗੇ।  ਚੀਮਾ ਨੇ ਕਿਹਾ ਕਿ ਕਿਸੇ ਵੀ ਬੇਲੋੜੀ ਦੇਰੀ ਦੀ ਸੂਰਤ ਵਿੱਚ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀਆਂ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਅਤੇ ਆਪਣੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਤਕਨਾਲੋਜੀ ਅਤੇ ਆਧੁਨਿਕ ਹੱਲਾਂ ਦਾ ਲਾਭ ਉਠਾਉਣ 'ਤੇ ਕੇਂਦ੍ਰਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਤਰਜੀਹ ਦੇ ਕੇ ਨਾਗਰਿਕ-ਕੇਂਦ੍ਰਿਤ ਸ਼ਾਸਨ ਲਈ ਇੱਕ ਮਾਪਦੰਡ ਸਥਾਪਤ ਕਰਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.