IMG-LOGO
ਹੋਮ ਚੰਡੀਗੜ੍ਹ: ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ...

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

Admin User - Apr 26, 2025 07:52 PM
IMG

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਅਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ।


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਉਤੇ ਚਾਨਣਾ ਪਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਸਕੂਲ ਅਧਿਆਪਕਾਂ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ 4006 ਮਾਸਟਰ ਕਾਡਰ ਅਧਿਆਪਕ ਅਤੇ 7351 ਈ.ਟੀ.ਟੀ. ਅਧਿਆਪਕ ਸ਼ਾਮਲ ਹਨ। ਸੂਬਾ ਸਰਕਾਰ ਨੇ ਵੱਖ-ਵੱਖ ਕਾਡਰਾਂ ਵਿੱਚ ਤਰੱਕੀਆਂ ਨੂੰ ਵੀ ਤਰਜੀਹ ਦਿੱਤੀ ਹੈ, ਜਿਨ੍ਹਾਂ ਵਿੱਚ 2600 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਗਈ, 425 ਈ.ਟੀ.ਟੀ. ਅਧਿਆਪਕਾਂ ਨੂੰ ਮਾਸਟਰ ਕਾਡਰ ਅਧਿਆਪਕਾਂ ਵਜੋਂ ਤਰੱਕੀ ਦਿੱਤੀ ਗਈ, 350 ਪੀ.ਟੀ.ਆਈ. ਨੂੰ ਡੀ.ਪੀ.ਈ. ਵਜੋਂ ਤਰੱਕੀ ਦਿੱਤੀ ਗਈ, 57 ਪ੍ਰਿੰਸੀਪਲਾਂ ਨੂੰ ਡੀ.ਈ.ਓ. ਵਜੋਂ ਤਰੱਕੀ ਦਿੱਤੀ ਗਈ, 75 ਨਾਨ-ਟੀਚਿੰਗ ਸਟਾਫ਼ ਨੂੰ ਮਾਸਟਰ ਕਾਡਰ ਅਧਿਆਪਕਾਂ ਵਜੋਂ ਤਰੱਕੀ ਦਿੱਤੀ ਗਈ ਅਤੇ 450 ਮਾਸਟਰ ਕਾਡਰ ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਤਰੱਕੀ ਦਿੱਤੀ ਗਈ ਹੈ।


ਇਨ੍ਹਾਂ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਪੰਜਾਬ ਸਰਕਾਰ ਦੇ ਸਾਰੇ ਸਕੂਲਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਸਬੰਧੀ ਮਕਸਦ ਨੂੰ ਅਮਲੀ ਜਾਮਾ ਪਹਿਨਾਵੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਢੁਕਵਾਂ ਖੇਡ ਢਾਂਚਾ ਮੁਹੱਈਆ ਹੋਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪੀ.ਟੀ.ਆਈ. ਅਧਿਆਪਕ ਵਿਦਿਆਰਥੀਆਂ ਨੂੰ ਸਿਖਲਾਈ ਦੇਣ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ, ਅਨੁਸ਼ਾਸਨ, ਟੀਮ ਵਰਕ ਅਤੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਮਿਆਰੀ ਅਤੇ ਪਹੁੰਚਯੋਗ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਉਹਨਾਂ ਦੀ ਉੱਚ ਸਮਰੱਥਾ ਤੱਕ ਪਹੁੰਚਾਉਣ ਅਤੇ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੇ ਸਮਰੱਥ ਬਣਾਉਂਦੀ ਹੈ, ਜਿਸ ਨਾਲ ਪੰਜਾਬ ਦੇ ਵਿਦਿਅਕ ਮਾਹੌਲ ਵਿੱਚ ਸਾਰਥਕ ਬਦਲਾਅ ਆਵੇਗਾ।


ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਅਤੇ ਯੋਗਤਾ ਮਾਪਦੰਡਾਂ ਸਬੰਧੀ ਵੇਰਵੇ ਸੱਤ ਦਿਨਾਂ ਦੇ ਅੰਦਰ-ਅੰਦਰ ਅਧਿਕਾਰਤ ਵੈੱਬਸਾਈਟ educationrecruitmentboard.com ਉਤੇ ਉਪਲਬਧ ਹੋ ਜਾਣਗੇ।

 ਪੀ.ਟੀ.ਆਈ. ਅਧਿਆਪਕਾਂ ਲਈ ਯੋਗਤਾ ਦੇ ਵੇਰਵਿਆਂ ਬਾਰੇ ਉਨ੍ਹਾਂ ਦੱਸਿਆ ਕਿ ਬਿਨੈਕਾਰ ਲਈ ਦਸਵੀਂ ਜਮਾਤ ਵਿੱਚ ਪੰਜਾਬੀ ਲਾਜ਼ਮੀ ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਬਾਰ੍ਹਵੀਂ ਜਮਾਤ ਪਾਸ ਕਰਨ ਦੇ ਨਾਲ-ਨਾਲ ਘੱਟੋ-ਘੱਟ ਦੋ ਸਾਲਾਂ ਦਾ ਸਰੀਰਕ ਸਿੱਖਿਆ ਵਿੱਚ ਡਿਪਲੋਮਾ ਜਾਂ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ, ਜਿਵੇਂ ਕਿ ਸਰੀਰਕ ਸਿੱਖਿਆ ਵਿੱਚ ਡਿਪਲੋਮਾ ਜਾਂ ਸਰੀਰਕ ਸਿੱਖਿਆ ਵਿੱਚ ਸਰਟੀਫ਼ਿਕੇਟ (ਡੀ.ਪੀ.ਐੱਡ/ਸੀ.ਪੀ.ਐੱਡ) ਜਾਂ ਇਸ ਸਬੰਧੀ ਕੋਈ ਹੋਰ ਕੋਰਸ ਕੀਤਾ ਹੋਵੇ। ਯੋਗ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਫਿੱਟਨੈਸ ਟੈਸਟ ਵਿੱਚ ਪ੍ਰਦਰਸ਼ਨ ਅਤੇ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਸ਼ਾਰਟਲਿਸਟ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.