ਤਾਜਾ ਖਬਰਾਂ
ਚੰਡੀਗੜ੍- ਭਾਖੜਾ ਨਹਿਰ ਦਾ ਪਾਣੀ ਰੋਕਣ ਲਈ ਹਰਿਆਣਾ ਦੀ ਤਰਫੋਂ ਚੰਡੀਗੜ੍ਹ ਵਿੱਚ ਸਰਬ ਪਾਰਟੀ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਨਿਵਾਸ ’ਤੇ ਹੋ ਰਹੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਸਿੰਚਾਈ ਮੰਤਰੀ ਸ਼ਰੂਤੀ ਚੌਧਰੀ, ਬਿਜਲੀ ਮੰਤਰੀ ਅਨਿਲ ਵਿੱਜ, ਇਨੈਲੋ ਦੇ ਸੂਬਾ ਪ੍ਰਧਾਨ ਰਾਮਪਾਲ ਮਾਜਰਾ, ਜੇਜੇਪੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ‘ਆਪ’ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਵੀ ਮੌਜੂਦ ਹਨ। ਇਨ੍ਹਾਂ ਤੋਂ ਇਲਾਵਾ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਐਡਵੋਕੇਟ ਜਨਰਲ ਪਰਮਿੰਦਰ ਚੌਹਾਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਹਨ।
ਦੂਜੇ ਪਾਸੇ ਹਰਿਆਣਾ ਦੇ ਐਡਵੋਕੇਟ ਰਵਿੰਦਰ ਸਿੰਘ ਢੁੱਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਨੰਗਲ ਸਥਿਤ ਭਾਖੜਾ ਡੈਮ ਤੋਂ ਪੁਲੀਸ ਫੋਰਸ ਹਟਾਉਣ ਦੀ ਮੰਗ ਕੀਤੀ ਹੈ। ਵਕੀਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਅਤੇ ਕੇਂਦਰ ਸਰਕਾਰ ਨੂੰ ਧਿਰ ਬਣਾਇਆ ਹੈ।
ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਦਿੱਲੀ ਵਿੱਚ ਅਧਿਕਾਰੀਆਂ ਤੋਂ ਖਰੜਾ ਤਿਆਰ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਅੱਜ ਪਟੀਸ਼ਨ ਦਾਇਰ ਕੀਤੀ ਜਾਵੇਗੀ। ਉਥੇ ਹੀ ਬੀ.ਬੀ.ਐਮ.ਬੀ ਵੀ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਹਰਿਆਣਾ, ਪੰਜਾਬ, ਹਿਮਾਚਲ ਅਤੇ ਰਾਜਸਥਾਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਜਾ ਰਹੀ ਹੈ। ਸ਼ੁੱਕਰਵਾਰ ਨੂੰ ਦਿੱਲੀ 'ਚ ਇਸ ਮੁੱਦੇ 'ਤੇ ਮੁੱਖ ਸਕੱਤਰਾਂ ਵਿਚਾਲੇ ਮੀਟਿੰਗ ਹੋਈ, ਪਰ ਕੋਈ ਹੱਲ ਨਹੀਂ ਨਿਕਲਿਆ।
Get all latest content delivered to your email a few times a month.