ਤਾਜਾ ਖਬਰਾਂ
ਚੰਡੀਗੜ੍ਹ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ਵਿੱਚ ਉਸਦੇ ਚਚੇਰੇ ਭਰਾ ਵਿਰੁੱਧ ਪੁਲਿਸ ਮੁਕੱਦਮਾ ਦਰਜ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਨਾਤੇ ਅਦਾਲਤ ਵਿੱਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਪਹਿਲੀ ਕਿਸ਼ਤ ਰਿਸ਼ਵਤ ਵਸੂਲਦਿਆਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.