ਤਾਜਾ ਖਬਰਾਂ
ਚੰਡੀਗੜ੍ਹ/ਲੁਧਿਆਣਾ, 7 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਸੀ-ਕਮ-ਡੀਈਓ), ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀਆਂ 5 ਮਈ, 2025 ਨੂੰ ਈਆਰਓ ਦੁਆਰਾ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ।
ਭਾਰਤ ਦੇ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 9 ਅਪ੍ਰੈਲ, 2025 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਵਿੱਚ ਜਨਤਾ ਤੋਂ ਦਾਅਵੇ ਅਤੇ ਇਤਰਾਜ਼ ਮੰਗੇ ਗਏ ਸਨ ਅਤੇ 192 ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੁਆਰਾ ਘਰ-ਘਰ ਜਾ ਕੇ ਤਸਦੀਕ ਕੀਤੀ ਗਈ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਈਆਰਓ ਦੁਆਰਾ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਇਸ ਸਮੇਂ ਦੌਰਾਨ ਪ੍ਰਾਪਤ ਹੋਏ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀਆਂ ਦੀਆਂ ਕਾਪੀਆਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਰਦਰਸ਼ਤਾ ਅਤੇ ਰਾਜਨੀਤਿਕ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਡਰਾਫਟ ਵੋਟਰ ਸੂਚੀਆਂ ਦੀ ਤਸਦੀਕ ਕਰਕੇ ਇਸ ਸਬੰਧੀ ਕੋਈ ਸੁਝਾਅ ਦੇਣ ਲਈ ਸਹਾਇਤਾ ਵਾਸਤੇ 384 ਬੂਥ ਲੈਵਲ ਏਜੰਟ (ਬੀਐਲਏ) ਨਿਯੁਕਤ ਕੀਤੇ ਗਏ ਸਨ।
ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਇਹ ਵੀ ਅਪੀਲ ਕੀਤੀ ਕਿ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈਆਰਓ) ਦੇ ਫੈਸਲਿਆਂ ਤੋਂ ਅਸੰਤੁਸ਼ਟ ਵਿਅਕਤੀ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 24(ਏ) ਦੇ ਅਨੁਸਾਰ ਈਆਰਓ ਦੇ ਫੈਸਲੇ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਕੋਲ ਅਪੀਲ ਦਾਇਰ ਕਰ ਸਕਦੇ ਹਨ ਅਤੇ ਜੇਕਰ ਉਹ ਅਗਲੀ ਕਾਰਵਾਈ ਤੋਂ ਵੀ ਸੰਤੁਸ਼ਟ ਨਹੀਂ ਹੁੰਦੇ ਤਾਂ ਮੁੱਖ ਚੋਣ ਅਫ਼ਸਰ, ਪੰਜਾਬ ਕੋਲ ਇੱਕ ਹੋਰ ਅਪੀਲ ਦਾਇਰ ਕਰ ਸਕਦੇ ਹਨ।
Get all latest content delivered to your email a few times a month.