ਤਾਜਾ ਖਬਰਾਂ
ਚੰਡੀਗੜ੍ਹ/ਤਰਨ ਤਾਰਨ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, ਸੱਤ ਆਧੁਨਿਕ ਪਿਸਤੌਲ- ਜਿਨ੍ਹਾਂ ਵਿੱਚ ਚਾਰ .30 ਬੋਰ ਬ੍ਰੇਟਾ, ਦੋ ਪੀਐਕਸ 5 ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹੈ, ਦੇ ਨਾਲ 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਦੀ ਹੈਚਬੈਕ ਹੁੰਡਈ ਆਈ20 ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪਾਕਿਸਤਾਨ ਸਥਿਤ ਤਸਕਰਾਂ ਅਤੇ ਉਸਦੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ਿਆਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਸੁੱਟੀਆਂ ਜਾ ਰਹੀਆਂ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਨਿਸ਼ਾਨਾਬੱਧ ਆਪ੍ਰੇਸ਼ਨ ਚਲਾਇਆ ਅਤੇ ਤਰਨ ਤਾਰਨ ਦੇ ਮੋਲਸਰੀ ਪੈਲੇਸ ਦੇ ਨੇੜਿਓਂ ਦੋਵੇਂ ਮੁਲਜ਼ਮਾਂ ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਤਰਨ ਤਾਰਨ ਦੇ ਝਬਾਲ ਚੌਂਕ ਨੇੜੇ ਗ੍ਰੀਨ ਐਵੇਨਿਊ ਵਿਖੇ ਉਸਨੇ ਕਿਰਾਏ ‘ਤੇ ਘਰ ਲਿਆ ਹੋਇਆ ਹੈ, ਜਿਸਨੂੰ ਉਹ ਨਸ਼ਿਆਂ ਅਤੇ ਹਥਿਆਰਾਂ ਦਿਆਂ ਖੇਪਾਂ ਲੁਕਾਉਣ ਲਈ ਇੱਕ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਕੀਤੇ ਗਏ ਨਸ਼ਿਆਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਸਪਲਾਇਰਾਂ, ਡੀਲਰਾਂ, ਖਰੀਦਦਾਰਾਂ ਅਤੇ ਹਵਾਲਾ ਹੈਂਡਲਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਤਰਨਤਾਰਨ ਸਿਟੀ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, 25 ਅਤੇ 27(ਏ) ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 109 ਮਿਤੀ 08 ਮਈ, 2025 ਦਰਜ ਕੀਤੀ ਗਈ ਹੈ।
Get all latest content delivered to your email a few times a month.