ਤਾਜਾ ਖਬਰਾਂ
ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ-ਵਟਾਂਦਰੇ ਦੀ ਲੜੀ ਦਾ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਇਹ ਗੱਲਬਾਤ ਉਸਾਰੂ ਵਿਚਾਰ-ਵਟਾਂਦਰੇ ਦੀ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਨੂੰ ਪੂਰਾ ਕਰਦੀ ਹੈ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ। ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮਿਲ ਕੇ ਮੌਜੂਦਾ ਕਾਨੂੰਨੀ ਢਾਂਚੇ ਮੁਤਾਬਕ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕਮਿਸ਼ਨ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਮਿਸ਼ਨ ਨੇ 6 ਮਈ, 2025 ਨੂੰ ਪਾਰਟੀ ਪ੍ਰਧਾਨ ਮਾਇਆਵਤੀ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ (ਬੀ.ਐਸ.ਪੀ.) ਨਾਲ ਮੁਲਾਕਾਤ ਕੀਤੀ, 8 ਮਈ, 2025 ਨੂੰ ਪਾਰਟੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਨਾਲ, 10 ਮਈ, 2025 ਨੂੰ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਅਤੇ 13 ਮਈ, 2025 ਨੂੰ ਨੈਸ਼ਨਲ ਪੀਪਲਜ਼ ਪਾਰਟੀ ਦੇ ਪਾਰਟੀ ਪ੍ਰਧਾਨ ਕੋਨਰਾਡ ਸੰਗਮਾ ਨਾਲ ਮੁਲਾਕਾਤ ਕੀਤੀ।
ਇਸ ਤੋਂ ਪਹਿਲਾਂ, ਕੁੱਲ 4,719 ਸਰਬ-ਪਾਰਟੀ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਡੀ.ਈ.ਓਜ਼ ਵੱਲੋਂ 800 ਅਤੇ ਈ.ਆਰ.ਓਜ਼ ਵੱਲੋਂ 3879 ਮੀਟਿੰਗਾਂ ਸ਼ਾਮਲ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ।
Get all latest content delivered to your email a few times a month.