ਤਾਜਾ ਖਬਰਾਂ
ਐੱਸ.ਏ.ਐੱਸ.ਨਗਰ, 15 ਮਈ, 2025: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ/ਸਾਫ ਸਫਾਈ/ਸੀਵਰੇਜ ਮੁਸ਼ਕਿਲਾਂ ਦੀ ਸਮੀਖਿਆ ਸਬੰਧੀ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿਚਲੀਆਂ ਸੜਕਾਂ ਦੀ ਸਫਾਈ ਦਾ ਕੰਮ ਨਿਯਮਿਤ ਰੂਪ ਵਿੱਚ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੀ ਮੁਰੰਮਤ ਸਬੰਧੀ ਸ਼ਿਕਾਇਤਾਂ, ਮੁੱਖ ਸੜਕਾਂ ਤੇ ਲੋਕਾਂ ਦੀ ਆਵਾਜਾਈ ਕਿੰਨੀ ਹੈ, ਸੜਕਾਂ ਦੀ ਸਫਾਈ ਕਿੰਨੀ ਹੈ, ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਹਰ ਨਾਗਰਿਕ ਦੀ ਵੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਸੜਕਾਂ ਦੀ ਸਾਫ ਸਫਾਈ ਸਬੰਧੀ ਕਮੇਟੀਆਂ ਬਣਾਉਣ ਲਈ ਕਿਹਾ ਤਾਂ ਜੋ ਨਿਰਧਾਰਤ ਕੀਤੇ ਗਏ ਅਧਿਕਾਰੀ ਆਪਣੀ ਹੱਦ ਅੰਦਰ ਸਾਫ ਸਫਾਈ ਵੱਲ ਖਾਸ ਧਿਆਨ ਦੇ ਸਕਣ ਅਤੇ ਇਹ ਪਤਾ ਲੱਗ ਸਕੇ ਕਿ ਇਹ ਸੜਕ ਕਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਹਰ ਸੜਕ ਦੀ ਸਾਫ ਸਫਾਈ ਲਈ ਕਿਸੇ ਨਾ ਕਿਸੇ ਅਧਿਕਾਰੀ ਦੀ ਜਿੰਮੇਵਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਪਾਸਿਆਂ ਤੇ ਉੱਗਿਆ ਹੋਇਆ ਫਾਲਤੂ ਘਾਹ, ਝਾੜੀਆਂ ਆਦਿ ਦੀ ਸਫਾਈ ਤੁਰੰਤ ਕਰਵਾਈ ਜਾਵੇ। ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਸੜਕਾਂ ਦੇ ਕਿਨਾਰਿਆਂ ਤੇ ਡੰਪ ਕੀਤਾ ਗਿਆ ਸਾਮਾਨ ਤੁਰੰਤ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ਅੱਗੇ ਤੋਂ ਸੜਕਾਂ ਦੇ ਕਿਨਾਰਿਆਂ ਤੇ ਸਮਾਨ ਨਾ ਰੱਖਣ ਦੀ ਚਿਤਾਵਨੀ ਵੀ ਦਿੱਤੀ ਜਾਵੇ ਅਤੇ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨਾ ਲਗਾਇਆ ਜਾਵੇ।
ਏ.ਡੀ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੀ ਸਾਫ ਸਫਾਈ ਸਬੰਧੀ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਕਿਸੇ ਵੀ ਤਰ੍ਹਾਂ ਦੇ ਕੀਤੇ ਗਏ ਨਜਾਇਜ਼ ਕਬਜੇ ਤੁਰੰਤ ਹਟਾਏ ਜਾਣ। ਉਨ੍ਹਾਂ ਕਾਰਜਕਾਰੀ ਅਧਿਕਾਰੀਆਂ ਨੂੰ ਮੁੱਖ ਸੜਕਾਂ ਦੀ ਸਫਾਈ ਨੂੰ ਪਹਿਲ ਦੇ ਅਧਾਰ ਤੇ ਕਰਨ ਅਤੇ ਫਿਰ ਅੰਦਰੂਨੀ ਗਲੀਆਂ ਦੀ ਸਫਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਸ਼ਹਿਰ ਨੂੰ ਆਉਦੀਆਂ ਮੁੱਖ ਸੜਕਾਂ ਅਤੇ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਦਿੱਖ ਨੂੰ ਸੁਧਾਰਨ ਵੱਲ ਵਧੇਰੇ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਅਹਿਮ ਥਾਵਾਂ ਤੇ ਕੂੜਾ ਡਪਿੰਗ ਸੈਕੰਡਰੀ ਪੁਆਇੰਟ ਜਾਂ(ਗਾਰਬੇਜ਼ ਵਨਰੋਬਲ ਪੁਆਇੰਟਸ ਹਨ) ਨੂੰ ਹਟਾਇਆ ਜਾਵੇ ਅਤੇ ਸਾਫ ਸਫਾਈ ਕਰਵਾ ਕੇ ਰੁੱਖ ਲਗਵਾਏ ਜਾਣ। ਉਨ੍ਹਾਂ ਗਲੀਆਂ ਵਿੱਚ ਡਾਰਕ ਸਪੋਟ ਵੈਰੀਫਾਈ ਕਰਨ ਉਪਰੰਤ ਗਲੀਆਂ ਵਿੱਚ ਲਾਇਟਾਂ ਲਗਾਉਣ ਦਾ ਕੰਮ ਵੀ ਤੁਰੰਤ ਮੁਕੰਮਲ ਕਰਨ ਲਈ ਕਿਹਾ।
ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਕਿਸੇ ਵੀ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦਾ ਅਧਿਕਾਰ ਖੇਤਰ ਸ਼ੁਰੂ ਹੁੰਦਾ ਹੈ, ਉਥੇ ਸਾਈਨ ਬੋਰਡ ਲਗਵਾਏ ਜਾਣ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਏਰੀਆ ਕਿਸ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।
ਏ.ਡੀ.ਸੀ. ਅਨਮੋਲ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਸ਼ਹਿਰ ਦੀਆਂ ਮੁੱਖ ਸੜਕਾਂ ਨਾਲ ਲੱਗਦੇ ਖਾਲੀ ਪਲਾਟਾਂ ਦਾ ਨਿਰੀਖਣ ਕੀਤਾ ਜਾਵੇ ਕਿ ਲੋਕ ਉਥੇ ਕੂੜਾ ਨਾ ਸੁੱਟਣ, ਜੇਕਰ ਉਥੇ ਕੂੜਾ ਪਿਆ ਹੈ ਤਾਂ ਉਸਨੂੰ ਸਾਫ ਕਰਵਾਇਆ ਜਾਵੇ ਅਤੇ ਸਾਫ ਸਫਾਈ ਉਪਰੰਤ ਪਲਾਟ ਮਾਲਕ ਨੂੰ ਨੋਟਿਸ ਦਿੱਤਾ ਜਾਵੇ ਕਿ ਉਹ ਅੱਗੇ ਤੋਂ ਆਪਣਾ ਪਲਾਟ ਸਾਫ ਰੱਖੇ।
ਇਸ ਤੋਂ ਇਲਾਵਾ ਸ੍ਰੀ ਧਾਲੀਵਾਲ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਡੇਗੂ ਦਾ ਲਾਰਵਾ ਮਿਲਣ ਵਾਲੇ ਥਾਂ ਤੇ ਤੁਰੰਤ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਉਸ ਥਾਂ ਨਾਲ ਸਬੰਧਿਤ ਜ਼ਿਮੇਵਾਰ ਲੋਕਾਂ ਦਾ ਚਲਾਨ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਫ਼ਸਰਾਂ ਦੇ ਨਾਲ ਨਾਲ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਵੀ ਡੇਂਗੂ ਦੇ ਲਾਰਵੇ ਸਬੰਧੀ ਲੋਕਾ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਫੌਗਿਗ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਂਗੂ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਅ ਹੋ ਸਕੇ ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਨਿਕਾਸੀ/ਲੀਕੇਜ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸ਼ਹਿਰ ਵਿਚਲੇ ਖੁੱਲ੍ਹੇ ਜਾਂ ਟੁੱਟੇ ਧੱਕਣ ਵਾਲੇ ਮੇਨ ਹੋਲ ਵੀ ਕਵਰ ਕਰਨ ਲਈ ਕਿਹਾ ਤਾਂ ਜੋ ਕਿਸੇ ਅਣਸੁਖਾਂਵੀ ਘਟਨਾ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਪੈਂਡਿੰਗ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
Get all latest content delivered to your email a few times a month.