IMG-LOGO
ਹੋਮ ਪੰਜਾਬ, ਵਿਓਪਾਰ, 🟠 ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ...

🟠 ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

Admin User - May 15, 2025 06:30 PM
IMG

ਚੰਡੀਗੜ੍ਹ, 15 ਮਈ- ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ, ਜਿਹੜੀ ਕਿਸਾਨਾਂ ਦੀ ਆਮਦਨ ਵਿੱਚ ਵੱਡੇ ਵਾਧੇ ਤੋਂ ਇਲਾਵਾ ਧਰਤੀ ਹੇਠਲਾ ਡਿੱਗਦਾ ਪਾਣੀ ਬਚਾਉਣ ਲਈ ਪ੍ਰੇਰਕ ਵਜੋਂ ਕੰਮ ਕਰੇਗੀ।


ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਤਹਿਤ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਕਾਸ਼ਤ ਕਰਨ ਨੂੰ ਉਤਸ਼ਾਹਤ ਕੀਤਾ ਗਿਆ ਅਤੇ ਅੱਜ ਤੋਂ ਇਸ ਸਕੀਮ ਅਧੀਨ ਝੋਨੇ ਦੀ ਬਿਜਾਈ ਸ਼ੁਰੂ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਇਸ ਸਾਉਣੀ ਸੀਜ਼ਨ ਦੌਰਾਨ ਪੰਜ ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਹੈ।


ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਇਕ ਪਾਸੇ ਖੇਤੀਬਾੜੀ ਨੂੰ ਚਿਰਸਥਾਈ ਬਣਾਉਣ ਨੂੰ ਉਤਸ਼ਾਹਤ ਕਰੇਗੀ, ਦੂਜੇ ਪਾਸੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦਗਾਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਵਰ੍ਹੇ 2025-26 ਵਿੱਚ ਇਸ ਮੰਤਵ ਲਈ 40 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇੱਛੁਕ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ 10 ਮਈ ਤੋਂ 30 ਜੂਨ 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਰਜਿਸਟਰ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਖੇਤੀਬਾੜੀ ਦੇ ਵਾਧੂ ਖ਼ਰਚੇ ਵੀ ਘਟਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਸੂਬੇ ਲਈ ਵੱਡਾ ਵਰਦਾਨ ਹੈ ਕਿਉਂਕਿ ਇਹ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਵਿੱਚ ਮਦਦਗਾਰ ਹੋਣ ਦੇ ਨਾਲ-ਨਾਲ ਪ੍ਰਤੀ ਏਕੜ ਤਕਰੀਬਨ 3500 ਰੁਪਏ ਦੀ ਮਜ਼ਦੂਰੀ ਦੀ ਵੀ ਬੱਚਤ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅੱਗੇ ਆ ਕੇ ਇਸ ਸਕੀਮ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਉਹ ਸਹੀ ਤਰੀਕੇ ਨਾਲ ਧਰਤੀ ਮਾਂ ਪ੍ਰਤੀ ਆਪਣਾ ਫ਼ਰਜ਼ ਨਿਭਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਅਤੇ ਸੂਬੇ ਦਾ ਧਰਤੀ ਹੇਠਲਾ ਬੇਸ਼ਕੀਮਤੀ ਪਾਣੀ ਬਚਾਉਣ ਲਈ ਹਮੇਸ਼ਾ ਤੋਂ ਸੰਵੇਦਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਆਪਣੇ ਇਕੋ-ਇਕ ਉਪਲਬਧ ਕੁਦਰਤੀ ਸਰੋਤ ਧਰਤੀ ਤੇ ਪਾਣੀ ਦੀ ਅੰਨ੍ਹੇਵਾਹ ਵਰਤੋਂ ਕਰ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅਜੋਕੇ ਦੌਰ ਵਿੱਚ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਕਿਉਂਕਿ ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਢੁਕਵਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨਾ ਮਿਲਣ ਕਾਰਨ ਕਿਸਾਨ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.