ਤਾਜਾ ਖਬਰਾਂ
ਚੰਡੀਗੜ੍ਹ, 15 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।
ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ 'ਤੇ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ 486 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, 75 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,208 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.02 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫੀਮ ਅਤੇ 27090 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 481 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਗੁਰਦਾਸਪੁਰ ਵਿੱਚ ਪਿੰਡ ਡੀਡਾ ਸਾਂਸੀਆ ਵਿਖੇ ਜਲ ਸਰੋਤ ਵਿਭਾਗ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਉਸਾਰੇ ਦੋ ਨਸ਼ਾ ਤਸਕਰਾਂ ਬਲਜਿੰਦਰ ਅਤੇ ਲਖਵਿੰਦਰ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ ਗਿਆ। ਇਸ ਮੌਕੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਦੋਵੇਂ ਮੁਲਜ਼ਮ, ਜਿਨ੍ਹਾਂ ਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲੇ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਬਲਜਿੰਦਰ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ 10 ਐਫਆਈਆਰ ਅਤੇ ਦੋਸ਼ੀ ਲਖਵਿੰਦਰ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ 12 ਐਫਆਈਆਰ ਦਰਜ ਹਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਤੱਕ ਅਜਿਹੇ ਆਪਰੇਸ਼ਨ ਜਾਰੀ ਰਹਿਣਗੇ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ 'ਡੀਐਡਿਕਸ਼ਨ' ਹਿੱਸੇ ਵਜੋਂ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਹੈ।
ਇਸ ਦੌਰਾਨ, ਪੰਜਾਬ ਪੁਲਿਸ ਨੇ ਸੂਬੇ ਦੀਆਂ ਜੇਲ੍ਹ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ - ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ - ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, "ਸਾਡੀਆਂ ਪੁਲਿਸ ਟੀਮਾਂ ਵੱਲੋਂ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਹਰ ਕੋਨੇ ਅਤੇ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਹੈ।"
Get all latest content delivered to your email a few times a month.