ਤਾਜਾ ਖਬਰਾਂ
ਚੰਡੀਗੜ੍ਹ, 23 ਮਈ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਸ ਕਦਮ ਦਾ ਸਵਾਗਤ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੂੰ ਵਧਾਈ ਦਿੱਤੀ ਕਿਉਂਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਨੂੰ ਜੋੜਦੀ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਨੰਗਲ ਦੇ 21 ਪਿੰਡਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇਅ ਨੇੜਲੀ ਜ਼ਮੀਨ ਪ੍ਰਾਪਤ ਕੀਤੀ ਜਾਵੇਗੀ, ਜਿਸ ਦੇ ਲਾਗੂਕਰਨ ਲਈ ਸਬੰਧਤ ਐਸ.ਡੀ.ਐਮ. ਨੂੰ ਅਧਿਕਾਰ ਦਿੱਤੇ ਗਏ ਹਨ।
ਸ. ਬੈਂਸ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ ਦਾ ਇਸ ਚਹੁੰ-ਮਾਰਗੀ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਧੰਨਵਾਦ ਕੀਤਾ, ਜੋ ਨਾ ਸਿਰਫ ਸੜਕ ਸੁਰੱਖਿਆ ਵਿੱਚ ਵਾਧਾ ਕਰੇਗਾ ਬਲਕਿ ਸੜਕੀ ਸੰਪਰਕ ਨੂੰ ਬਿਹਤਰ ਬਣਾ ਕੇ ਅਤੇ ਆਵਾਜਾਈ ਦੀ ਸੁਚਾਰੂ ਸਹੂਲਤ ਦੇ ਕੇ ਖੇਤਰ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।
ਸ. ਹਰਜੋਤ ਸਿੰਘ ਬੈਂਸ ਇਸ ਚਹੁੰ-ਮਾਰਗੀ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਸਮੀਖਿਆ ਮੀਟਿੰਗਾਂ ਵੀ ਕਰ ਰਹੇ ਹਨ। ਉਨ੍ਹਾਂ ਦਾ ਵਿਹਾਰਕ ਦ੍ਰਿਸ਼ਟੀਕੋਣ ਇਸ ਪ੍ਰੋਜੈਕਟ ਦੇ ਸਮੇਂ ਸਿਰ ਮੁਕੰਮਲ ਹੋਣ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Get all latest content delivered to your email a few times a month.