ਤਾਜਾ ਖਬਰਾਂ
ਅੰਮ੍ਰਿਤਸਰ - ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਐਤਵਾਰ ਸਵੇਰੇ ਵਾਪਰੀ। ਮ੍ਰਿਤਕ ਹਰਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ, ਜੰਡਿਆਲਾ ਨਗਰ ਕੌਂਸਲ ਦੇ ਵਾਰਡ ਨੰਬਰ 2 ਤੋਂ ਕੌਂਸਲਰ ਹਰਜਿੰਦਰ ਸਿੰਘ ਸ਼ੇਖੂਪੁਰਾ ਛੇਹਰਟਾ ਇਲਾਕੇ ਵਿੱਚ ਪਹੁੰਚਿਆ ਹੋਇਆ ਸੀ। ਉਹ ਆਪਣੇ ਕੁਝ ਦੋਸਤਾਂ ਨਾਲ ਸਥਾਨਕ ਗੁਰਦੁਆਰੇ ਦੇ ਬਾਹਰ ਖੜ੍ਹਾ ਸੀ ਜਦੋਂ ਇੱਕ ਬਾਈਕ 'ਤੇ ਸਵਾਰ ਕੁਝ ਲੋਕ ਆਏ ਅਤੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਗੋਲੀਬਾਰੀ ਕਰਨ ਤੋਂ ਬਾਅਦ, ਬਾਈਕ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜਖ਼ਮੀ ਹਰਜਿੰਦਰ ਨੂੰ ਉਸ ਦੇ ਦੋਸਤ ਹਸਪਤਾਲ ਲੈ ਗਏ। ਡਾਕਟਰਾਂ ਅਨੁਸਾਰ ਉਸਨੂੰ ਤਿੰਨ ਗੋਲੀਆਂ ਲੱਗੀਆਂ ਸਨ। ਡਾਕਟਰਾਂ ਨੇ ਉਸਦਾ ਇਲਾਜ ਸ਼ੁਰੂ ਕਰ ਦਿੱਤਾ, ਪਰ ਥੋੜ੍ਹੇ ਸਮੇਂ ਵਿੱਚ ਹੀ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਛੇਹਰਟਾ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਵਿਨੋਦ ਸ਼ਰਮਾ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਪਰ ਇਸ ਵਿੱਚ ਮੁਲਜ਼ਮਾਂ ਦੇ ਚਿਹਰੇ ਢੱਕੇ ਹੋਏ ਹਨ।
ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਤੋਂ ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਨੂੰ ਘਟਨਾ ਸੰਬੰਧੀ ਮਹੱਤਵਪੂਰਨ ਸੁਰਾਗ ਮਿਲੇ ਹਨ। ਸੀਸੀਟੀਵੀ ਦੀ ਮਦਦ ਨਾਲ ਹਮਲਾਵਰਾਂ ਅਤੇ ਉਨ੍ਹਾਂ ਦੀ ਬਾਈਕ ਦੀ ਵੀ ਪਛਾਣ ਕਰ ਲਈ ਗਈ ਹੈ। ਪੁਲਿਸ ਜਲਦੀ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰੇਗੀ ਅਤੇ ਜਾਣਕਾਰੀ ਜਨਤਕ ਕਰੇਗੀ।ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਸਰਕਾਰ ਅਤੇ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ।
Get all latest content delivered to your email a few times a month.