ਤਾਜਾ ਖਬਰਾਂ
ਨਵੀਂ ਦਿੱਲੀ, 28 ਮਈ – ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਸਕੱਤਰੇਤ ਵਿਖੇ 1984 ਦੇ ਸਿੱਖ ਕਤਲੇਆਮ ਦੇ ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ। ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਹੋਰ ਆਗੂ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 40 ਸਾਲਾਂ ਦੌਰਾਨ ਕਈ ਸਰਕਾਰਾਂ ਨੇ ਪੀੜਤ ਪਰਿਵਾਰਾਂ ਵਾਸਤੇ ਥੋਸ ਕਦਮ ਨਹੀਂ ਚੁੱਕੇ। 2014 ਵਿੱਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ, ਜਿਸ ਨੇ ਮੁੜ ਪੜਤਾਲ ਕਰਕੇ ਕਈ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ।
ਉਹਨਾਂ ਦੱਸਿਆ ਕਿ ਅੱਜ 19 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਬਾਕੀਆਂ ਨੂੰ ਵੀ ਜਲਦੀ ਨੌਕਰੀਆਂ ਮਿਲਣਗੀਆਂ। ਕੈਬਨਿਟ ਮੰਤਰੀ ਸਿਰਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 600 ਪੀੜਤ ਪਰਿਵਾਰਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਲੀ ਸਰਕਾਰ ਨੌਕਰੀ ਦੇਵੇਗੀ।
ਉਸੇ ਦੌਰਾਨ ਸਿਰਸਾ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਕਸਰ ਕੱਢਦਿਆਂ ਦੋਸ਼ ਲਾਏ ਕਿ ਉਹ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂਆਂ ਨਾਲ ਸਾਂਝ ਰੱਖਦੇ ਸਨ ਅਤੇ ਪੀੜਤਾਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁੱਕਿਆ।
ਸਮਾਗਮ ਦੀ ਸ਼ੁਰੂਆਤ ਵਿੱਚ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਦਾ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।
Get all latest content delivered to your email a few times a month.