ਤਾਜਾ ਖਬਰਾਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਦੇ ਨਾਟਕ ਆਯੋਜਨ ਦੌਰਾਨ ਕੀਤੀ ਸ਼ਿਰਕਤ
ਰੂਪਨਗਰ, 28 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕਰਵਾਏ ਗਏ ਨਾਟਕ ਆਯੋਜਨ ਵਿੱਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੰਗਮੰਚ ਰਾਹੀਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜੋ ਕਿ ਇਕ ਅਸਰਦਾਰ ਅਤੇ ਪ੍ਰਭਾਵੀ ਮਾਧਿਅਮ ਹੈ।
ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਜਿੱਥੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਉੱਤੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਨਾਟਕ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਵੀ ਇੱਕ ਅਹਿਮ ਤੇ ਮਹੱਤਵਪੂਰਨ ਉਪਰਾਲਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਨਾਟਕ ਦੀ ਪੇਸ਼ਕਾਰੀ ਦੇਖ ਕੇ ਪ੍ਰਸ਼ੰਸ਼ਾ ਕੀਤੀ ਅਤੇ ਵਿਦਿਆਰਥਣਾਂ ਨੂੰ ਅਤੇ ਨਾਟਕ ਦੇ ਕਲਾਕਾਰਾਂ ਨੂੰ ਇਹ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਇਹ ਨਸ਼ਾ ਰੂਪੀ ਕੋਹੜ ਸਮਾਜ ਵਿੱਚੋਂ ਖਤਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੋ ਨਾਟਕ ਰਾਹੀਂ ਤੁਸੀਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੇਖਿਆਂ ਜਾਂ ਸੁਣਿਆ ਹੈ, ਉਸ ਸੁਨੇਹੇ ਨੂੰ ਵਿਦਿਆਰਥੀ ਜ਼ਿੰਮੇਵਾਰੀ ਨਾਲ ਆਪਣੇ ਪਰਿਵਾਰ ਨਾਲ, ਮਿੱਤਰਾਂ ਨਾਲ ਅਤੇ ਸਮਾਜ ਨਾਲ ਜਰੂਰ ਸਾਂਝਾ ਕਰਨਾ ਹੈ ਅਤੇ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਵਿੱਚ ਆਪਣਾ ਯੋਗਦਾਨ ਪਾਉਣਾ ਹੈ।
ਜ਼ਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ ਦੀ ਰਹਿਨੁਮਾਈ ਹੇਠ ਅੰਗਰੇਜ਼ੀ ਮਾਸਟਰ ਸੁਖਜਿੰਦਰ ਸਿੰਘ ਵੱਲੋਂ ਤਿਆਰ ਕਰਵਾਏ ਅਤੇ ਇਸ ਨਾਟਕ ਨੇ ਆਪਣਾ ਮਹੱਤਵਪੂਰਣ ਸੁਨੇਹਾ ਵਿਦਿਆਰਥਣਾਂ ਤੱਕ ਸਾਂਝਾ ਕੀਤਾ। ਇਸ ਨਾਟਕ ਵਿੱਚ ਵਿਦਿਆਰਥਣਾਂ ਨੇ ਵੱਖ-ਵੱਖ ਭੂਮਿਕਾਵਾਂ ਨਿਭਾਉਂਦੇ ਹੋਏ ਸਮਾਜ ਨੂੰ ਅਤੇ ਨਸ਼ਾ ਕਰਨ ਵਾਲੇ ਰੋਗੀਆਂ ਨੂੰ ਇਹ ਅਪੀਲ ਕੀਤੀ ਕਿ ਸਮਾਜ ਵਿੱਚੋਂ ਇਸ ਨਸ਼ਾ ਰੂਪੀ ਕੋਹੜ ਨੂੰ ਖਤਮ ਕੀਤਾ ਜਾਣਾ ਅਤਿ ਜ਼ਰੂਰੀ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਵੀ ਇਸ ਨਾਟਕ ਦੀ ਪੇਸ਼ਕਾਰੀ ਦਾ ਆਨੰਦ ਮਾਣਿਆ ਗਿਆ।
ਇਸ ਮੌਕੇ ਵਿਦਿਆਰਥਣਾਂ ਨੇ ਇਹ ਪ੍ਰਣ ਵੀ ਲਿਆ ਕਿ ਉਹ ਸਮਾਜ ਵਿੱਚੋਂ ਇਸ ਰੋਗ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦਾ ਡੱਟ ਕੇ ਸਾਥ ਦੇਣਗੀਆਂ।
Get all latest content delivered to your email a few times a month.