ਤਾਜਾ ਖਬਰਾਂ
ਕਪੂਰਥਲਾ, 1 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਹਾਲ ਹੀ ਵਿੱਚ ਕਪੂਰਥਲਾ ਜ਼ਿਲ੍ਹੇ ਦੇ 24 ਪਿੰਡਾਂ ਤੱਕ ਪਹੁੰਚੀ। ਇਸ ਯਾਤਰਾ ਦੇ ਹਿੱਸੇ ਵਜੋਂ ਸਪਰੋੜ, ਨੰਗਲ ਮਾਝਾ, ਕਿਸ਼ਨਪੁਰ, ਲੱਖਪੁਰ, ਸੰਗਤਪੁਰ, ਬੇਗਮਪੁਰ ਅਤੇ ਹੋਰ ਕਈ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ ਨੇ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਸਹੁੰ ਚੁਕਾਈ ਅਤੇ ਸਰਕਾਰੀ ਮੁਹਿੰਮ ਵਿੱਚ ਭਰਪੂਰ ਸਹਿਯੋਗ ਦੀ ਅਪੀਲ ਕੀਤੀ।
ਇਸ ਮੁਹਿੰਮ ਹੇਠ ਸੁਲਤਾਨਪੁਰ ਲੋਧੀ ਖੇਤਰ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਯਾਤਰਾ ਦੀ ਅਗਵਾਈ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭੁਲੱਥ ਖੇਤਰ ਵਿੱਚ ਜਲ ਸਰੋਤ ਨਿਰਦੇਸ਼ਕ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ ਅਤੇ ਕਿਹਾ ਕਿ ਲੋਕ ਹੁਣ ਨਸ਼ਾ ਤਸਕਰਾਂ ਦੀ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰ ਰਹੇ ਹਨ। ਫਗਵਾੜਾ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੋਕੇਟ ਹਰਨੂਰ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਗ੍ਰਾਮ ਰੱਖਿਆ ਕਮੇਟੀਆਂ ਪਿੰਡ ਪੱਧਰ 'ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾ ਰਹੀਆਂ ਹਨ। ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਵਿਦਿਆਰਥੀਆਂ ਅਤੇ ਨੌਜਵਾਨਾਂ ਵਿਚ ਸਾਹਿਤ ਵੀ ਵੰਡਿਆ ਗਿਆ।
Get all latest content delivered to your email a few times a month.