IMG-LOGO
ਹੋਮ ਪੰਜਾਬ: 🟣ਅੰਮ੍ਰਿਤਸਰ 'ਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ...

🟣ਅੰਮ੍ਰਿਤਸਰ 'ਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ...

Admin User - Jun 01, 2025 06:55 PM
IMG

ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਵੈਰੋਵਾਲ ਦੇ ਕਾਰਜਪ੍ਰੀਤ ਸਿੰਘ ਉਰਫ਼ ਕਾਰਜ (23) ਅਤੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਗੁਰਲਾਲ ਸਿੰਘ ਉਰਫ਼ ਹਰਮਨ (23) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਵਨ ਫੌਜੀ - ਇੱਕ ਸਰਗਰਮ ਬੀਕੇਆਈ ਮੈਂਬਰ ਹੈ ਜੋ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੀਵਨ ਫੌਜੀ ਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ .30 ਬੋਰ ਦਾ ਪਿਸਤੌਲ ਮੁਹੱਈਆ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਖੇਤਰ ਵਿੱਚ ਇੱਕ ਫਰਨੀਚਰ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਜਬਰੀ ਵਸੂਲੀ ਦੀ ਕੋਸ਼ਿਸ਼ ਦਾ ਹਿੱਸਾ ਸੀ, ਜਿਸ ਵਿੱਚ ਜੀਵਨ ਫੌਜੀ ਨੇ ਕੈਨੇਡਾ ਸਥਿਤ ਦੁਕਾਨ ਮਾਲਕ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਅੱਤਵਾਦੀ ਨੈੱਟਵਰਕ ਦਾ ਮੁਕੰਮਲ ਤੌਰ 'ਤੇ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਚਲਾਏ ਆਪਰੇਸ਼ਨ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਤਰਨਤਾਰਨ ਅਤੇ ਫਾਜ਼ਿਲਕਾ ਦੇ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸੁਲਤਾਨਵਿੰਡ ਇਲਾਕੇ ਵਿੱਚ ਫਾਲੋ-ਅੱਪ ਰਿਕਵਰੀ ਆਪਰੇਸ਼ਨ ਦੌਰਾਨ, ਦੋਸ਼ੀ ਗੁਰਲਾਲ ਸਿੰਘ ਨੇ ਛੁਪਾਇਆ ਹੋਇਆ ਹਥਿਆਰ ਬਰਾਮਦ ਕੀਤਾ ਅਤੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਗੁਰਲਾਲ ਦੀ ਖੱਬੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਕਿਹਾ ਕਿ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਜੀਵਨ ਫੌਜੀ ਦੇ ਇਸ਼ਾਰਿਆਂ 'ਤੇ ਸਥਾਨਕ ਲੋਕਾਂ ਨੂੰ ਡਰਾਉਣ ਅਤੇ ਜਬਰੀ ਪੈਸੇ ਵਸੂਲਣ ਦਾ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧੀ ਐਫਆਈਆਰ ਨੰਬਰ 88 ਮਿਤੀ 17-05-2025 ਨੂੰ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 324(4) ਅਤੇ 3(5) ਅਤੇ ਅਸਲਾ ਐਕਟ ਦੀਆਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.