ਤਾਜਾ ਖਬਰਾਂ
ਅੰਮ੍ਰਿਤਸਰ, 3 ਜੂਨ- ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਸੋਮਵਾਰ ਦੀ ਦੇਰ ਰਾਤ ਨੂੰ ਇੱਕ ਨੌਜਵਾਨ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਨੇ ਸਥਾਨਕ ਲੋਕਾਂ ਵਿੱਚ ਕਾਫੀ ਗੁੱਸਾ ਪੈਦਾ ਕੀਤਾ। ਮੌਕੇ 'ਤੇ ਮੌਜੂਦ ਸ਼ਰਧਾਲੂਆਂ ਨੇ ਉਸ ਨੌਜਵਾਨ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਫਿਰ ਉਸਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਹਵਾਲੇ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।
ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਹਰਿਮੰਦਰ ਸਾਹਿਬ ਨੇੜਲੇ ਇਲਾਕੇ ਵਿੱਚ ਰਹਿੰਦਾ ਹੈ। ਹਾਲਾਂਕਿ ਗੁਰਪ੍ਰੀਤ ਸਿੰਘ ਨੇ ਹਾਲੇ ਤੱਕ ਇਸ ਘਿਨੌਣੀ ਕਾਰਵਾਈ ਦੇ ਕਾਰਨ ਬਾਰੇ ਕੋਈ ਸਪਸ਼ਟ ਜਾਣਕਾਰੀ ਨਹੀਂ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਲਦੀ ਜਾਂਚ ਕਰਕੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ।
ਇਹ ਘਟਨਾ ਖ਼ਾਸ ਤੌਰ ‘ਤੇ ਇਸ ਸਮੇਂ ਹੋਈ ਹੈ ਜਦੋਂ ਅੰਮ੍ਰਿਤਸਰ ਵਿੱਚ 6 ਜੂਨ ਨੂੰ ਆਉਣ ਵਾਲੇ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਸਬੰਧ ਵਿੱਚ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੇ ਬਾਵਜੂਦ ਇਹ ਬੇਅਦਬੀ ਘਟਨਾ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਚਿੰਨ੍ਹ ਖੜ੍ਹੇ ਕਰਦੀ ਹੈ।
ਏਡੀਸੀਪੀ ਜਸਰੂਪ ਬਾਠ ਨੇ ਇਸ ਮਾਮਲੇ ‘ਤੇ ਕਿਹਾ ਕਿ ਜਿਵੇਂ ਹੀ ਸੂਚਨਾ ਮਿਲੀ, ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਵਿੱਚ ਸੰਵੇਦਨਸ਼ੀਲਤਾ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਹੋਰ ਵੀ ਕੜੇ ਕਰ ਦਿੱਤੇ ਗਏ ਹਨ ਤਾਂ ਕਿ ਕਿਸੇ ਹੋਰ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।
Get all latest content delivered to your email a few times a month.