ਤਾਜਾ ਖਬਰਾਂ
ਮਲੋਟ, 9 ਜੂਨ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਵਿਖੇ ਲੋਕ ਮਿਲਣੀ ਕਰਦਿਆਂ ਹਲਕੇ ਦੇ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਸਿੱਧਾ ਸੰਪਰਕ ਸਥਾਪਤ ਕਰਦੇ ਹੋਏ ਲੋਕਾਂ ਦੀਆਂ ਅਹੰਮ ਚੁਣੌਤੀਆਂ—ਜਿਵੇਂ ਕਿ ਪੀਣ ਵਾਲੇ ਪਾਣੀ ਦੀ ਘਾਟ, ਬੁਨਿਆਦੀ ਢਾਂਚੇ ਦੀ ਖ਼ਰਾਬ ਹਾਲਤ, ਅਤੇ ਰੁਕੇ ਹੋਏ ਵਿਕਾਸ ਕਾਰਜਾਂ ’ਤੇ ਵਿਚਾਰ-ਵਟਾਂਦਰਾ ਕੀਤਾ।
ਡਾ. ਬਲਜੀਤ ਕੌਰ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਹ ਮੁੱਦੇ ਸਿੱਧੇ ਤੌਰ ‘ਤੇ ਲੋਕਾਂ ਦੀ ਦਿਹਾੜੀ ਜ਼ਿੰਦਗੀ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਦਾ ਹੱਲ ਲੱਭਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਦੱਸਿਆ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੱਤੀ ਜਾ ਰਹੀ ਹੈ ਅਤੇ ਜਲ ਸਪਲਾਈ ਸਮੇਤ ਹੋਰ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕਾ ਵਾਸੀਆਂ ਨੂੰ ਪਾਣੀ ਦੀ ਨਿਰੰਤਰ ਅਤੇ ਵਾਫਰ ਸਪਲਾਈ ਮਿਲੇ, ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਹੋਵੇਗੀ।
ਕੈਬਨਿਟ ਮੰਤਰੀ ਨੇ ਇਨ੍ਹਾਂ ਸਮੱਸਿਆਵਾਂ ਬਾਰੇ ਬਲਾਕ ਪ੍ਰਧਾਨਾਂ, ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਕੌਂਸਲਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਲਕੇ ਦੇ ਲੋਕਾਂ ਨੂੰ ਆਧੁਨਿਕ ਸੁਵਿਧਾਵਾਂ ਮਿਲਣ, ਬੁਨਿਆਦੀ ਢਾਂਚਾ ਮਜਬੂਤ ਹੋਵੇ ਅਤੇ ਹਰ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ।
ਇਸ ਮੌਕੇ ‘ਤੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਸ੍ਰੀ ਜਸ਼ਨ ਬਰਾੜ, ਸਮੂਹ ਬਲਾਕ ਪ੍ਰਧਾਨ, ਕਈ ਪੰਚਾਇਤੀ ਨੁਮਾਇੰਦੇ ਅਤੇ ਇਲਾਕਾ ਵਾਸੀ ਭਾਰੀ ਗਿਣਤੀ ਵਿੱਚ ਮੌਜੂਦ ਸਨ। ਉਨ੍ਹਾਂ ਨੇ ਮੰਤਰੀ ਜੀ ਦੇ ਨਾਲ ਆਪਣੀਆਂ ਗੱਲਾਂ ਸਾਂਝੀਆਂ ਕਰਦਿਆਂ ਉਮੀਦ ਜਤਾਈ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰੇਗੀ।
Get all latest content delivered to your email a few times a month.