ਤਾਜਾ ਖਬਰਾਂ
ਨਥਾਣਾ, 9 ਜੂਨ 2025- ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਨਥਾਣਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਸਥਾਨਕ ਸਮੁਦਾਇਕ ਸਿਹਤ ਕੇਂਦਰ ਨਥਾਣਾ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ ਤਹਿਤ ਇੱਕ ਦਿਨਾ ਜਾਂਚ ਅਤੇ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਹਿਮੋਗਲੋਬਿਨ, ਖੂਨ ਦਾ ਦਬਾਅ, ਯੂਰਿਨ ਅਤੇ ਸ਼ੂਗਰ ਆਦਿ ਦੀ ਜਾਂਚ ਕੀਤੀ ਗਈ। ਤਜਰਬੇਕਾਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੇ ਪੋਸ਼ਣ, ਟੀਕਾਕਰਨ ਅਤੇ ਨਿਯਮਤ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਡਾ. ਅਰੀਨਾ ਬਾਂਸਲ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਦੇਣ ਅਤੇ ਉਨ੍ਹਾਂ ਨੂੰ ਮਾਂ ਤੇ ਬੱਚੇ ਦੀ ਸਿਹਤ ਸੰਭਾਲ ਬਾਰੇ ਜਾਗਰੂਕ ਕਰਨਾ ਸੀ। ਜਿਸ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਗਰਭ ਦੌਰਾਨ ਗਰਮੀ ਤੋਂ ਬਚਾਓ ਅਤੇ ਇਸ ਦੇ ਢੰਗ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜ਼ਰ ਆਉਣ ਤਾਂ ਉਸ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ।ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।
ਡਾ. ਸੀਮਾ ਬਾਂਸਲ ਨੇ ਦੱਸਿਆ ਕਿ ਜੇਕਰ ਬੁਖਾਰ ਹੋ ਜਾਵੇ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।
ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ। ਉਨ੍ਹਾਂ ਗਰਮੀ ਤੋਂ ਬਚਣ ਲਈ ਜ਼ਿਆਦਾ ਸਮਾਂ ਘਰ ਵਿੱਚ ਰਹਿਣ ਦੀ ਸਲਾਹ ਦਿੱਤੀ। ਇਸ ਜਾਂਚ ਕੈਂਪ ਦੌਰਾਨ ਸਿਹਤ ਸੁਪਰਵਾਈਜ਼ਰ ਪਰਮਜੀਤ ਕੌਰ, ਸਟਾਫ਼ ਨਰਸ ਖੁਸ਼ਪਾਲ ਕੌਰ ਤੇ ਆਸ਼ਾ ਵਰਕਰਾਂ ਵੱਲੋਂ ਸੇਵਾਵਾਂ ਦਿੱਤੀਆਂ ਗਈਆਂ।
Get all latest content delivered to your email a few times a month.