ਤਾਜਾ ਖਬਰਾਂ
ਅੰਮ੍ਰਿਤਸਰ, 17 ਜੂਨ – ਸੋਸ਼ਲ ਮੀਡੀਆ 'ਤੇ ਸਰਗਰਮ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਪਟਿਆਲਾ 'ਚ ਲੁੱਕਿਆ ਹੋਇਆ ਸੀ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੋਮਵਾਰ ਰਾਤ ਨੂੰ ਇਕ ਕਾਰਵਾਈ ਦੌਰਾਨ ਉਸ ਨੂੰ ਕਾਬੂ ਕਰ ਲਿਆ। ਰਮਨਦੀਪ ਨੂੰ ਅੱਜ ਦੁਪਹਿਰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਫਲੂਐਂਸਰ ਦੀਪਿਕਾ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਬਾਅਦ ਉਸ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ, ਪੁਲਿਸ ਨੇ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਸਨ। ਪੁਲਿਸ ਹੁਣ ਰਮਨਦੀਪ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਕਿਸੇ ਵੱਡੀ ਸਾਜਿਸ਼ ਦਾ ਹਿੱਸਾ ਹੈ ਜਾਂ ਨਹੀਂ।
ਦੱਸਣਯੋਗ ਹੈ ਕਿ ਧਮਕੀਆਂ ਸਿਰਫ ਇਕ ਵਿਅਕਤੀ ਵੱਲੋਂ ਹੀ ਨਹੀਂ, ਸਗੋਂ ਕਈ ਪੱਖਾਂ ਵੱਲੋਂ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਅੰਮ੍ਰਿਤਪਾਲ ਮਹਿਰੋ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਉਸਨੂੰ ਕਮਲ ਕੌਰ ਵਾਲੀ ਹਸ਼ਰ ਦੀ ਚੇਤਾਵਨੀ ਦਿੱਤੀ ਸੀ। ਉਸਨੇ ਵੀਡੀਓ ਵਿੱਚ ਕਿਹਾ ਸੀ ਕਿ ਕਿ ਜੇਕਰ ਦੀਪਿਕਾ ਆਪਣੀਆਂ ਵੀਡੀਓ ਬਣਾਉਣੀਆਂ ਬੰਦ ਨਹੀਂ ਕਰਦੀ ਤਾਂ "ਉਸਦੀ ਲਾਸ਼ ਵੀ ਨਹੀਂ ਮਿਲੇਗੀ"। ਇਸ ਤੋਂ ਇਲਾਵਾ, ਦੀਪਿਕਾ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਵੀ ਧਮਕੀ ਭਰਿਆ ਈ-ਮੇਲ ਮਿਲਿਆ ਸੀ।
ਇਨ੍ਹਾਂ ਗੰਭੀਰ ਧਮਕੀਆਂ ਦੇ ਮੱਦੇਨਜ਼ਰ, ਦੀਪਿਕਾ ਨੇ ਫਿਲਹਾਲ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ ਅਤੇ ਮੀਡੀਆ ਜਾਂ ਹੋਰ ਮਾਧਿਅਮ ਰਾਹੀਂ ਕੋਈ ਵੀ ਜਵਾਬ ਨਹੀਂ ਦਿੱਤਾ।
Get all latest content delivered to your email a few times a month.