ਤਾਜਾ ਖਬਰਾਂ
ਚੰਡੀਗੜ੍ਹ, 20 ਜੂਨ– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 2025-26 ਦੇ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਵਿੱਚੋਂ 1539 ਕਰੋੜ ਰੁਪਏ ਮਈ 2025 ਤੱਕ ਲਗਭਗ 34.40 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦੇ ਤੌਰ 'ਤੇ ਦਿੱਤੇ ਜਾ ਚੁੱਕੇ ਹਨ।
ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਰਵੇ ਨੂੰ ਜਲਦ ਪੂਰਾ ਕਰਨ ਦੇ ਹੁਕਮ ਦਿੱਤੇ, ਤਾਂ ਜੋ ਹਰੇਕ ਹੱਕਦਾਰ ਬਜ਼ੁਰਗ ਤੱਕ ਪੈਨਸ਼ਨ ਦੀ ਰਕਮ ਪਹੁੰਚ ਸਕੇ। ਉਨ੍ਹਾਂ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਈ ਰਕਮ ਦੀ ਰਿਕਵਰੀ ਕਰਕੇ ਇਹ ਰਕਮ ਹੋਰ ਲੋੜਵੰਦਾਂ ਲਈ ਵਰਤਣ ਦੀ ਹਦਾਇਤ ਵੀ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਵੀਆਂ ਪੈਨਸ਼ਨ ਅਰਜੀਆਂ ਨੂੰ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਨਿਪਟਾਇਆ ਜਾਵੇ। ਇਸ ਸਾਲ ਹੁਣ ਤੱਕ 43,644 ਨਵੀਆਂ ਅਰਜੀਆਂ ਮਨਜ਼ੂਰ ਹੋਈਆਂ ਹਨ।
ਇਸ ਦੇ ਨਾਲ, ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਸਕੀਮਾਂ ਦੀ ਨਿਗਰਾਨੀ, ਲਾਭਪਾਤਰੀਆਂ ਦੀ ਪਛਾਣ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਵੀ ਹਦਾਇਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਨਤਾ ਤੱਕ ਸਕੀਮਾਂ ਦੀ ਸਹੀ ਜਾਣਕਾਰੀ ਪਹੁੰਚਾਉਣ ਲਈ ਖਾਸ ਉਪਰਾਲੇ ਕੀਤੇ ਜਾਣ। ਮੀਟਿੰਗ ਵਿੱਚ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਸਮੇਤ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
Get all latest content delivered to your email a few times a month.