ਤਾਜਾ ਖਬਰਾਂ
ਜ਼ਿਲ੍ਹਾ ਕਾਰਜਕਾਰੀ ਸਕਿੱਲ ਕਮੇਟੀ ਦੀ ਮੀਟਿੰਗ ਕਰਦਿਆਂ ਜ਼ਿਲ੍ਹੇ 'ਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕਿੱਲ ਸਕੀਮਾਂ ਦਾ ਕੀਤਾ ਰੀਵਿਊ
ਰੂਪਨਗਰ, 25 ਜੂਨ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ (ਆਈ.ਏ.ਐਸ) ਨੇ ਜ਼ਿਲ੍ਹਾ ਕਾਰਜਕਾਰੀ ਸਕਿੱਲ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਹੋਇਆਂ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕਿੱਲ ਸਕੀਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜੋ ਪ੍ਰਾਰਥੀ ਸਕਿੱਲ ਟ੍ਰੇਨਿੰਗ ਲੈਣ ਉਪਰੰਤ ਹੁਨਰਮੰਦ ਹੁੰਦੇ ਹਨ, ਉਨ੍ਹਾਂ ਦੀ ਪਲੇਸਮੈਂਟ ਸਮੇਂ ਸਿਰ ਯਕੀਨੀ ਬਣਾਈ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ, ਰੂਪਨਗਰ ਵਿਖੇ ਨਸ਼ਾ ਪੀੜਤਾਂ ਨੂੰ ਦਿੱਤੀ ਜਾ ਰਹੀ ਹੁਨਰ ਵਿਕਾਸ ਟ੍ਰੇਨਿੰਗ ਦਾ ਵੀ ਰੀਵਿਊ ਕੀਤਾ ਗਿਆ।
ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਅਤੇ ਪ੍ਰਾਈਵੇਂਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦੀ ਕਾਊਂਸਲਿੰਗ ਕਰਨ ਉਪਰੰਤ ਉਨ੍ਹਾਂ ਲਈ ਨਵੇਂ ਹੁਨਰ ਵਿਕਾਸ ਟ੍ਰੇਨਿੰਗ ਦੇ ਕੋਰਸ ਸ਼ੁਰੂ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਹੁਨਰਮੰਦ ਕਰਨ ਉਪਰੰਤ ਉਨ੍ਹਾ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ।
ਚੰਦਰਜਯੋਤੀ ਸਿੰਘ ਨੇ ਸਾਰੇ ਵਿਭਾਗਾਂ ਨੂੰ ਵੱਖ-ਵੱਖ ਸਕੀਮਾਂ ਤੇ ਪ੍ਰੋਗਰਾਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਹੁਨਰ ਵਿਕਾਸ ਮਿਸ਼ਨ ਤੋਂ ਗੁਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ ਪੰਕਜ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.