ਤਾਜਾ ਖਬਰਾਂ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂਆਂ ਦੀਆਂ ਰਿਹਾਇਸ਼ਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡੇਂਗੂ ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ, ਜਿਵੇਂ ਕਿ ਡੈਜ਼ਰਟ ਕੂਲਰ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਦੇ ਪਾਣੀ ਵਾਲੇ ਬਰਤਨਾਂ ਦੀ ਜਾਂਚ ਕੀਤੀ, ਜਿੱਥੇ ਮੱਛਰਾਂ ਦੇ ਲਾਰਵੇ ਮਿਲੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ ਮਰੀਜ਼ਾਂ ਵਿੱਚ ਕਈ ਵਾਰ ਬਲੀਡਿੰਗ (ਹੈਮੋਰਹੈਜਿਕ) ਵਾਲੀਆਂ ਪੇਚੀਦਗੀਆਂ ਵੀ ਆਉਂਦੀਆਂ ਹਨ, ਜੋ ਜਾਨਲੇਵਾ ਹੋ ਸਕਦੀਆਂ ਹਨ। ਉਨ੍ਹਾਂ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਸਰਕਾਰ ਅਤੇ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਮੂਹਿਕ ਕੋਸ਼ਿਸ਼ਾਂ ਰਾਹੀਂ ਹੀ ਅਸੀਂ ਡੇਂਗੂ ਦੀ ਰੋਕਥਾਮ ਕਰ ਸਕਦੇ ਹਾਂ।
ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਤੋਂ ਲੈ ਕੇ ਉੱਚ ਪੱਧਰੀ ਅਧਿਕਾਰੀਆਂ ਤੱਕ ਸਭ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਹਰ ਪਿੰਡ ਅਤੇ ਮੁਹੱਲੇ ਦੀ ਸਿਹਤ ਕਮੇਟੀ ਹਫ਼ਤੇ ਵਿੱਚ ਇਕ ਵਾਰ, ਖਾਸ ਕਰਕੇ ਸ਼ੁੱਕਰਵਾਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਘਰ-ਘਰ ਜਾਂਚ ਕਰੇ, ਤਾਂ ਜੋ ਡੇਂਗੂ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼ ਸੁਥਰਾ ਰੱਖਣ, ਪਾਣੀ ਦੇ ਕੰਟੇਨਰਾਂ ਨੂੰ ਢੱਕਣ ਅਤੇ ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਕੇ ਸਾਫ਼ ਕਰਨ ਦੀ ਅਪੀਲ ਕੀਤੀ। ਇਸ ਮੁਹਿੰਮ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾ. ਹਿਤਿੰਦਰ ਕੌਰ, ਡਾ. ਅਰਸ਼ਦੀਪ ਕੌਰ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।
Get all latest content delivered to your email a few times a month.