IMG-LOGO
ਹੋਮ ਪੰਜਾਬ: ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ...

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

Admin User - Jul 16, 2025 06:49 PM
IMG

•ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼

ਚੰਡੀਗੜ੍ਹ, 16 ਜੁਲਾਈ:

ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ।

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। 

ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਬੋਰਡ ਆਫ਼ ਗਵਰਨਰਜ਼ ਦੀ 22ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸਥਾਰ ਦਾ ਉਦੇਸ਼ ਨਾਗਰਿਕਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ 500 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੇਵਾ ਕੇਂਦਰਾਂ ਰਾਹੀਂ ਈ-ਗਵਰਨੈਂਸ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਹੈ। 

ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿੱਚ ਬਿਹਤਰ ਉਡੀਕ ਖੇਤਰ, ਬੈਠਣ ਦੀ ਜਗ੍ਹਾ, ਏਅਰ ਕੰਡੀਸ਼ਨਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ। ਇਨ੍ਹਾਂ ਸਾਰੇ ਉਪਾਵਾਂ ਦਾ ਉਦੇਸ਼ ਨਾਗਰਿਕਾਂ ਦੇ ਅਨੁਭਵ ਤੇ ਸੇਵਾ ਕੇਂਦਰ ਦੀ ਪਹੁੰਚਯੋਗਤਾ ਨੂੰ ਵਧਾਉਣਾ ਅਤੇ ਸੇਵਾਵਾਂ ਲਈ ਵਧਦੀ ਮੰਗ ਦਾ ਪ੍ਰਬੰਧਨ ਕਰਨਾ ਅਤੇ ਕੁਝ ਕੇਂਦਰਾਂ 'ਤੇ ਭੀੜ ਨੂੰ ਘਟਾਉਣ ਵਿੱਚ ਮਦਦ ਕਰਨਾ ਹੈ। 

ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਸਾਰੇ ਮੌਜੂਦਾ ਸੇਵਾ ਕੇਂਦਰਾਂ ਦੀ ਵਿਆਪਕ ਸਮੀਖਿਆ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਦੀ ਭੂਗੋਲਿਕ ਸਥਿਤੀ, ਲੋਕਾਂ ਦੀ ਆਮਦ ਅਤੇ ਰਿਹਾਇਸ਼ੀ ਖੇਤਰਾਂ ਤੋਂ ਦੂਰੀ ਦਾ ਵਿਸ਼ਲੇਸ਼ਣ ਕਰਕੇ ਜ਼ਿਆਦਾ ਲੋੜ ਵਾਲੇ ਖੇਤਰਾਂ ਵਿੱਚ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਵੀ ਕਿਹਾ।

ਇਸ ਮੀਟਿੰਗ ਦੌਰਾਨ ਸੇਵਾ ਕੇਂਦਰਾਂ ਵਿੱਚ ਮਾਲ ਅਤੇ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਸੇਵਾ ਕੇਂਦਰਾਂ ਰਾਹੀਂ ਦੇਣ ਦੀ ਕੀਤੀ ਸ਼ੁਰੂਆਤ ਦੇ ਨਾਲ-ਨਾਲ ਚੱਲ ਰਹੇ ਹੋਰ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਗਈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਅਤੇ ਮਾਲ ਵਿਭਾਗ ਦੀਆਂ 7 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ। 

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਸ੍ਰੀ ਡੀ.ਕੇ. ਤਿਵਾੜੀ, ਸਕੱਤਰ ਮਾਲ ਅਤੇ ਮੁੜ ਵਸੇਬਾ ਸ੍ਰੀ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਸਕੱਤਰ ਖਰਚਾ ਸ੍ਰੀ ਵੀ.ਐਨ. ਜ਼ਾਦੇ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਸ੍ਰੀ ਅਮਿਤ ਤਲਵਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਪਰਮਿੰਦਰਪਾਲ ਸਿੰਘ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਸ੍ਰੀ ਰਾਜੇਸ਼ ਧੀਮਾਨ, ਐਮ.ਡੀ. ਪੰਜਾਬ ਇਨਫੋਟੈਕ ਸ੍ਰੀ ਰਾਹੁਲ ਚਾਬਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.