IMG-LOGO
ਹੋਮ ਪੰਜਾਬ, ਸਿੱਖਿਆ, ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ...

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

Admin User - Jul 19, 2025 05:38 PM
IMG

ਸ਼ਹਿਣਾ (ਬਰਨਾਲਾ), 19 ਜੁਲਾਈ- ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।

ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ 'ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ। 


ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਹੁਣ ਦੂਰ-ਦੁਰਾਡੇ ਦੇ ਪਿੰਡਾਂ ਦੇ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਰਹਿ ਕੇ ਕਿਤਾਬਾਂ ਰਾਹੀਂ ਦੁਨੀਆ ਭਰ ਦਾ ਗਿਆਨ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਮਿੱਥੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਾਰਥਕ ਰੂਪ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਮਾਰਗ ਦਰਸ਼ਨ ਕਰਨਗੀਆਂ ਅਤੇ ਸਾਡੇ ਨੌਜਵਾਨ ਅਫਸਰ, ਵਿਗਿਆਨੀ, ਡਾਕਟਰ, ਟੈਕਨੋਕਰੇਟ ਅਤੇ ਹੋਰ ਵੱਕਾਰੀ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ।


ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲੌਗ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਤੇ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਵਿਸ਼ਵ ਸਾਹਿਤ ਦੀਆਂ ਕਿਤਾਬਾਂ ਹਨ, ਜੋ ਸਿੱਖਣ ਦਾ ਅਮੀਰ ਅਨੁਭਵ ਪ੍ਰਦਾਨ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਬੇਸ਼ਕੀਮਤੀ ਕਿਤਾਬਾਂ ਹਨ ਜਿਸ ਕਰਕੇ ਇਹ ਲਾਇਬ੍ਰੇਰੀਆਂ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਦੁਰਲੱਭ ਕਿਤਾਬਾਂ ਵੀ ਹਨ ਜੋ ਪੁਸਤਕਾਂ ਪੜ੍ਹਨ ਵਾਲਿਆਂ ਲਈ ਅਨਮੋਲ ਖਜ਼ਾਨਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਯਕੀਨਨ ਤੌਰ ’ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਹਰੇਕ ਖੇਤਰ ਵਿੱਚ ਬੁਲੰਦੀਆਂ ਛੂਹਣ ਦੇ ਕਾਬਲ ਬਣਾਉਣਗੀਆਂ ਤਾਂ ਕਿ ਵੱਖ-ਵੱਖ ਖੇਤਰਾਂ ਵਿੱਚ ਸਿਖਰਲੇ ਸਥਾਨ ਹਾਸਲ ਕਰਨ ਲਈ ਪੰਜਾਬ ਤੋਂ ਹੀਰੇ ਪੈਦਾ ਕੀਤੇ ਜਾਣ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.