ਤਾਜਾ ਖਬਰਾਂ
ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪ ਕੇ ਅੱਜ ਵੱਡਾ ਤੋਹਫ਼ਾ ਦਿੱਤਾ।
ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਸਾਰੇ ਕਾਨੂੰਨੀ ਤੇ ਪ੍ਰਸ਼ਾਸਕੀ ਅੜਿੱਕੇ ਦੂਰ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਕੇ ਇਨ੍ਹਾਂ ਨਾਲ ਲੱਗਿਆ ਕੰਟਰੈਕਟ ਦਾ ਸ਼ਬਦ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦੇ ਬੇਸ਼ਕੀਮਤੀ ਸਾਲ ਸਰਕਾਰ ਦੀ ਸੇਵਾ ਵਿੱਚ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਨਾਮ ਨਾਲ ਤੋਂ ਕੰਟਰੈਕਟ ਸ਼ਬਦ ਹਮੇਸ਼ਾ ਲਈ ਕੱਢਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਅਤੇ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਹੀ ਅੱਜ ਦਾ ਇਹ ਮੁਬਾਰਕ ਦਿਹਾੜਾ ਆਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਦੀ ਤਰਫ਼ਦਾਰੀ ਨਹੀਂ ਹੈ, ਸਗੋਂ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਤੇ ਸੂਬੇ ਦੀ ਸੇਵਾ ਕਰੇ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇ ਕੇ ਮਾਣ ਬਖ਼ਸ਼ਿਆ ਹੈ ਅਤੇ ਉਹ ਇਸ ਭਰੋਸੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਸ਼ਾਸਨਕਾਲ ਦੇ ਅਖ਼ੀਰ ਵਿੱਚ ਕੁੱਝ ਰਿਆਇਤਾਂ ਦੇ ਕੇ ਲੋਕਾਂ ਨੂੰ ਬੇਵਕੂਫ਼ ਬਣਾਇਆ ਪਰ ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕਾਂ ਦੀਆਂ ਮੁਸੀਬਤਾਂ ਘਟਾਉਣ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਦੇ ਰਹੇ ਅਤੇ ਉਨ੍ਹਾਂ ਕਦੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਸੂਬੇ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਵਾਰਿਸ ਹੋਣ ਦਾ ਦਾਅਵਾ ਕਰਦੇ ਸਨ ਉਹ ਪੰਜਾਬੀ ਭਾਸ਼ਾ ਵਿੱਚ ਇਕ ਵੀ ਸ਼ਬਦ ਨਹੀਂ ਲਿਖ ਸਕਦੇ ਕਿਉਂਕਿ ਕਾਨਵੈਂਟ ਦੇ ਪੜ੍ਹੇ ਇਹ ਆਗੂ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਾਵਰ ਤੇ ਦੂਨ ਸਕੂਲਾਂ ਤੋਂ ਪੜ੍ਹੇ ਇਨ੍ਹਾਂ ਆਗੂਆਂ ਦਾ ਪੰਜਾਬੀ ਵਿੱਚ ਹੱਥ ਤੰਗ ਹੈ, ਜਿਸ ਕਾਰਨ ਉਹ ਲੋਕਾਂ ਨਾਲ ਜੁੜਨ ਵਿੱਚ ਅਸਹਿਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੇ ਸਿੱਖਿਆ ਖ਼ੇਤਰ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ।
Get all latest content delivered to your email a few times a month.