ਤਾਜਾ ਖਬਰਾਂ
ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਟਰੈਕਟ ਉੱਤੇ ਕਰ ਰਹੇ ਸਨ ਕੰਮ
ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਪੈਂਤੜਾ ਲਈ ਵਿਰੋਧੀ ਧਿਰ ਦੀ ਆਲੋਚਨਾ
ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਅਹਿਮ ਪਹਿਲਕਦਮੀਆਂ ਗਿਣਾਈਆਂ
ਚੰਡੀਗੜ੍ਹ, 30 ਜੁਲਾਈ-
ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪ ਕੇ ਅੱਜ ਵੱਡਾ ਤੋਹਫ਼ਾ ਦਿੱਤਾ।
ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਸਾਰੇ ਕਾਨੂੰਨੀ ਤੇ ਪ੍ਰਸ਼ਾਸਕੀ ਅੜਿੱਕੇ ਦੂਰ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਕੇ ਇਨ੍ਹਾਂ ਨਾਲ ਲੱਗਿਆ ਕੰਟਰੈਕਟ ਦਾ ਸ਼ਬਦ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦੇ ਬੇਸ਼ਕੀਮਤੀ ਸਾਲ ਸਰਕਾਰ ਦੀ ਸੇਵਾ ਵਿੱਚ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਨਾਮ ਨਾਲ ਤੋਂ ਕੰਟਰੈਕਟ ਸ਼ਬਦ ਹਮੇਸ਼ਾ ਲਈ ਕੱਢਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਅਤੇ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਹੀ ਅੱਜ ਦਾ ਇਹ ਮੁਬਾਰਕ ਦਿਹਾੜਾ ਆਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਦੀ ਤਰਫ਼ਦਾਰੀ ਨਹੀਂ ਹੈ, ਸਗੋਂ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਤੇ ਸੂਬੇ ਦੀ ਸੇਵਾ ਕਰੇ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇ ਕੇ ਮਾਣ ਬਖ਼ਸ਼ਿਆ ਹੈ ਅਤੇ ਉਹ ਇਸ ਭਰੋਸੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਸ਼ਾਸਨਕਾਲ ਦੇ ਅਖ਼ੀਰ ਵਿੱਚ ਕੁੱਝ ਰਿਆਇਤਾਂ ਦੇ ਕੇ ਲੋਕਾਂ ਨੂੰ ਬੇਵਕੂਫ਼ ਬਣਾਇਆ ਪਰ ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕਾਂ ਦੀਆਂ ਮੁਸੀਬਤਾਂ ਘਟਾਉਣ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਦੇ ਰਹੇ ਅਤੇ ਉਨ੍ਹਾਂ ਕਦੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਸੂਬੇ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਵਾਰਿਸ ਹੋਣ ਦਾ ਦਾਅਵਾ ਕਰਦੇ ਸਨ ਉਹ ਪੰਜਾਬੀ ਭਾਸ਼ਾ ਵਿੱਚ ਇਕ ਵੀ ਸ਼ਬਦ ਨਹੀਂ ਲਿਖ ਸਕਦੇ ਕਿਉਂਕਿ ਕਾਨਵੈਂਟ ਦੇ ਪੜ੍ਹੇ ਇਹ ਆਗੂ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਾਵਰ ਤੇ ਦੂਨ ਸਕੂਲਾਂ ਤੋਂ ਪੜ੍ਹੇ ਇਨ੍ਹਾਂ ਆਗੂਆਂ ਦਾ ਪੰਜਾਬੀ ਵਿੱਚ ਹੱਥ ਤੰਗ ਹੈ, ਜਿਸ ਕਾਰਨ ਉਹ ਲੋਕਾਂ ਨਾਲ ਜੁੜਨ ਵਿੱਚ ਅਸਹਿਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੇ ਸਿੱਖਿਆ ਖ਼ੇਤਰ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਸਾਡੀ ਸਰਕਾਰ ਦੇ ਪੰਜ ਮੁੱਖ ਤਰਜੀਹੀ ਖ਼ੇਤਰ ਹਨ ਅਤੇ ਇਨ੍ਹਾਂ ਦੇ ਵਿਕਾਸ ਲਈ ਹਰ ਸੰਭਵ ਹੰਭਲਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਕ ਸਾਡੀ ਸਰਕਾਰ ਸਾਰੇ ਵਰਗਾਂ ਦੀ ਭਲਾਈ ਦੀ ਗੱਲ ਕਰਦੀ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਦੇ ਤਰਜੀਹੀ ਖ਼ੇਤਰ ਹੋਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਦੀ ਬਜਾਏ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਪਰਿਵਾਰਾਂ ਦੀ ਭਲਾਈ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਲਈ ਜ਼ਿਆਦਾ ਚਿੰਤਤ ਸਨ।
ਵਿਰੋਧੀ ਧਿਰ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਨੂੰ ਨਜ਼ਰਅੰਦਾਜ਼ ਕਰ ਕੇ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬੀਆਂ ਦਾ ਪੈਸਾ ਬੇਤਰਸੀ ਨਾਲ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਇਹ ਆਪਣੇ ਆਪ ਵਿੱਚ ਇਕ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਦਮੀ ਦਾ ਪੁੱਤਰ ਸੂਬੇ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਕਿਵੇਂ ਚਲਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਸੂਬੇ ਦੇ ਲੋਕਾਂ ਦਾ ਇਨ੍ਹਾਂ ਪਾਰਟੀਆਂ ਵਿੱਚੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ‘ਆਪ’ ਨੂੰ ਬਹੁਤ ਵੱਡਾ ਫਤਵਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਦੀ ਭਲਾਈ ਦੀ ਕਦੇ ਚਿੰਤਾ ਨਹੀਂ ਕੀਤੀ ਅਤੇ ਜ਼ਿਆਦਾਤਰ ਸਿਰਫ਼ ਆਪਣੀ ਭਲਾਈ ਲਈ ਚਿੰਤਤ ਰਹੇ।
‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਮੁਹਿੰਮ ਵਧੀਆ ਨਤੀਜੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਘਿਨਾਉਣੇ ਕੰਮ ਵਿਚਲੀਆਂ ਵੱਡੀਆਂ ਮੱਛੀਆਂ ਦੇਖਣਾ ਚਾਹੁੰਦੇ ਹਨ, ਉਹ ਨਾਭਾ ਜੇਲ੍ਹ ਦਾ ਫੇਰਾ ਪਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਹ ਸਮੁੱਚੀ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਮੁਤਾਬਕ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫ਼ੀਆ ਦੀ ਪੁਸ਼ਤਪਨਾਹੀ ਕੀਤੀ ਪਰ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਛੇੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਬਹੁਤੀ ਬਾਰੀਕੀ ਨਾਲ ਯੋਜਨਾ ਉਲੀਕੀ ਗਈ ਹੈ ਅਤੇ ਹੁਣ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀਆਂ ਸਪਲਾਈ ਲਾਈਨਾਂ ਤੋੜਨ ਤੋਂ ਇਲਾਵਾ ਸੂਬਾ ਸਰਕਾਰ ਨੇ ਇਸ ਘਿਨਾਉਣੇ ਜੁਰਮ ਵਿਚਲੇ ਮੁਜਰਿਮਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਅਤੇ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਨਾਭਾ ਜੇਲ੍ਹ ਵਿੱਚ ਬੰਦ ਨਸ਼ਿਆਂ ਦੇ ਸਮੁੱਚੇ ਕਾਰੋਬਾਰ ਦੇ ਮੁੱਖ ਸਰਗਨਾ ਦੇ ਮਨੁੱਖੀ ਅਧਿਕਾਰਾਂ ਬਾਰੇ ਚਿੰਤਾ ਜ਼ਾਹਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਦਿਆਂ ਪੁੱਛਿਆ ਕਿ ਉਨ੍ਹਾਂ ਪੰਜਾਬ ਦੇ ਲੋਕਾਂ ਬਾਰੇ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਆਗੂਆਂ ਦਾ ਅਸਲ ਚਿਹਰਾ ਨੰਗਾ ਹੋਇਆ ਹੈ, ਜਿਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਫੈਲਾਇਆ ਅਤੇ ਇਸ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਦੇ ਭਤੀਜੇ ਨੇ ਅਕਾਲੀ ਸਰਕਾਰ ਦੌਰਾਨ ਮੰਤਰੀ ਹੁੰਦਿਆਂ ਨਸ਼ਿਆਂ ਦਾ ਕਾਰੋਬਾਰ ਸ਼ੁਰੂ ਕੀਤਾ ਅਤੇ ਇਹ ਕਾਰੋਬਾਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਭਾਜਪਾ ਵਿੱਚ ਹਨ, ਦੇ ਕਾਰਜਕਾਲ ਵਿੱਚ ਵਧਿਆ-ਫੁੱਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਕਾਰਜਕਾਲ ਸੰਭਾਲਿਆ, ਉਦੋਂ ਨਹਿਰੀ ਪਾਣੀ ਦਾ 21 ਫੀਸਦੀ ਸਿੰਜਾਈ ਲਈ ਵਰਤਿਆ ਜਾਂਦਾ ਸੀ ਪਰ ਅੱਜ ਇਹ ਅੰਕੜਾ 63 ਫੀਸਦੀ ਉੱਤੇ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਬੇਮਿਸਾਲ ਕੋਸ਼ਿਸ਼ਾਂ ਨਾਲ ਪਹਿਲੀ ਦਫ਼ਾ ਨਹਿਰਾਂ ਤੇ ਦਰਿਆਵਾਂ ਦਾ ਪਾਣੀ ਸੂਬੇ ਦੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਪੁੱਜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਮੋੜਨ ਤੋਂ ਰੋਕਿਆ ਹੈ।
ਇਕ ਹੋਰ ਭਲਾਈ ਯੋਜਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬੇ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਪਹਿਲੀ ਵਾਰ ਕੋਈ ਸੂਬਾ ਅਜਿਹੀ ਨਿਵੇਕਲੀ ਯੋਜਨਾ ਲੈ ਕੇ ਆਇਆ ਹੈ ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਘਟੇਗਾ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਹਰੇਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਜਰਖੇਜ਼ ਜ਼ਮੀਨ, ਮਨਮੋਹਕ ਬਨਸਪਤੀ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਚਮਰੌੜ ਪੱਤਣ ਵਰਗੀਆਂ ਖੂਬਸੂਰਤ ਥਾਵਾਂ ਹਨ ਜਿਸ ਨੂੰ ‘ਮਿੰਨੀ ਗੋਆ’ ਵਜੋਂ ਜਾਣਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦਾ ਸੁਭਾਗ ਹਾਸਲ ਹੈ ਜੋ ਦੁਨੀਆ ਭਰ ਤੋਂ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ ਜਿਸ ਨਾਲ ਲੋਕਾਂ ਦਾ ਜੀਵਨ ਸੰਵਾਰਿਆ ਜਾ ਸਕਦਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਕਾਰਨ ਪੰਜਾਬ ਨੂੰ ਵਿਕਾਸ ਦੇ ਪੱਖੋਂ ਖਾਸ ਕਰਕੇ ਸੈਰ-ਸਪਾਟਾ ਸੈਕਟਰ ਅਣਗੌਲਿਆ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਜੋ ਸੈਲਾਨੀਆਂ ਨੂੰ ਕੁਦਰਤੀ ਸੁੰਦਰਤਾ ਦਾ ਅਨੰਦ ਮਾਣਨ ਲਈ ਵੱਡੇ ਪੱਧਰ ਉਤੇ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਲਾਨੀਆਂ ਲਈ ਕਈ ਥਾਵਾਂ ਨੂੰ ਵਿਕਸਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦਾ ਰੁਝਾਨ ਦੇਖਿਆ ਜਾ ਰਿਹਾ ਹੈ ਅਤੇ ਸਾਡੇ ਨੌਜਵਾਨ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਇਕ-ਨੁਕਾਤੀ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਵੱਧ ਅਖਤਿਆਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਹੋਣਗੇ।
Get all latest content delivered to your email a few times a month.