ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਦਿੱਤੇ ਉਹਨਾਂ ਨਿਰਦੇਸ਼ਾਂ ਦਾ ਸਵਾਗਤ ਕੀਤਾ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਸਜ਼ਾ ਪੂਰੀ ਕਰਨ ਵਾਲੇ ਕੈਦੀਆਂ ਨੂੰ ਜੇਲ੍ਹਾਂ ਵਿੱਚ ਰੱਖਣਾ ਗਲਤ ਹੈ ਅਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਨਿਰਦੇਸ਼ ਮਾਨਵੀ ਅਧਿਕਾਰਾਂ ਦੀ ਰੱਖਿਆ ਕਰਦੇ ਹਨ ਅਤੇ ਇਸ ਰੌਸ਼ਨੀ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰਨੀ ਚਾਹੀਦੀ ਹੈ, ਕਿਉਂਕਿ ਉਹ ਉਮਰ ਕੈਦ ਤੋਂ ਵੀ ਕਈ ਗੁਣਾ ਜ਼ਿਆਦਾ ਸਜ਼ਾਵਾਂ ਕੱਟ ਚੁੱਕੇ ਹਨ।
ਧਾਮੀ ਨੇ ਦੱਸਿਆ ਕਿ ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਸਮੇਤ ਹੋਰ ਕਈ ਸਿੱਖ ਕੈਦੀ ਤਕਰੀਬਨ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, ਪਰ ਸਰਕਾਰੀ ਨੀਤੀਆਂ ਕਾਰਨ ਉਹ ਅਜੇ ਵੀ ਰਿਹਾਅ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਵਿਧਾਨ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ, ਸਗੋਂ ਸਿੱਖ ਭਾਵਨਾਵਾਂ ਨਾਲ ਵੱਡੀ ਬੇਇਨਸਾਫ਼ੀ ਹੈ, ਜਿਸ ਨਾਲ ਪੰਜਾਬ ਅਤੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਰੋਸ ਪੈਦਾ ਹੋ ਰਿਹਾ ਹੈ।
SGPC ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਬੰਦੀ ਸਿੰਘਾਂ ਲਈ ਨਿਆਂ ਦਾ ਦਰਵਾਜ਼ਾ ਖੋਲ੍ਹਦਾ ਹੈ ਅਤੇ ਸਰਕਾਰਾਂ ਨੂੰ ਇਸਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਸਿੱਖ ਭਾਈਚਾਰੇ ਨੂੰ ਏਕਜੁੱਟ ਹੋ ਕੇ ਇਸ ਮੁੱਦੇ 'ਤੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਇਸ ਸੰਬੰਧੀ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।
Get all latest content delivered to your email a few times a month.