ਤਾਜਾ ਖਬਰਾਂ
ਪੰਜਾਬ ਸਰਕਾਰ ਸਤੰਬਰ ‘ਚ ਆਂਗਨਵਾੜੀ ਸੈਂਟਰਾਂ ਲਈ 5000 ਵਰਕਰਾਂ ਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ
ਜਲਦ ਭਰਤੀ ਹੋਣਗੇ 405 ਹੋਰ ਨਵੇਂ ਵੈਟਰਨਰੀ ਅਫਸਰ
ਪੰਜਾਬ ‘ਚ 5 ਜ਼ਿਲ੍ਹਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ, ਖਟਕੜ ਕਲਾਂ ਪ੍ਰੋਜੈਕਟ ‘ਚ ਸ਼ਾਮਲ
2025-26 ਦੌਰਾਨ ਸੂਬੇ ਵਿੱਚ 3073 ਮਾਡਲ ਪਲੇਅ-ਗਰਾਊਂਡ ਵਿਕਸਤ ਕੀਤੇ ਜਾਣਗੇ
ਬਾਲ ਮਜ਼ਦੂਰੀ ਖਿਲਾਫ਼ ਵਿੱਢੀ ਮੁਹਿੰਮ ਤਹਿਤ 600 ਤੋਂ ਵੱਧ ਬੱਚਿਆਂ ਨੂੰ ਕੀਤਾ ਮਾਪਿਆਂ ਦੇ ਸਪੁਰਦ
ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 15 ਅਗਸਤ:
ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਨ ਲਈ ਵੱਡੇ ਪੱਧਰ ‘ਤੇ ਇਤਿਹਾਸਕ ਉਪਰਾਲੇ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਪਹਿਲਾਂ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਅੱਜ ਸਾਰਾ ਮੁਲਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।
ਆਈ.ਟੀ.ਆਈ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ, ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ ਜਿਨ੍ਹਾਂ ਲੋਕਾਂ ਨੂੰ ਬੇਹੱਦ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਂਗਨਵਾੜੀ ਸੈਂਟਰਾਂ ਨੂੰ ਮਜ਼ਬੂਤ ਕਰਨ ਲਈ 5000 ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਜਾ ਰਹੀ ਹੈ ਜਿਸ ਦੀ ਪ੍ਰਕਿਰਿਆ ਸਤੰਬਰ ਮਹੀਨੇ ਵਿੱਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1000 ਆਂਗਨਵਾੜੀ ਸੈਂਟਰਾਂ ਦੀਆਂ ਨਵੀਆਂ ਇਮਾਰਤਾਂ ਬਣ ਰਹੀਆਂ ਹਨ ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਨ੍ਹਾਂ 1000 ਇਮਾਰਤਾਂ ਵਿੱਚੋਂ 300 ਸੈਂਟਰਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਖੇਡਾਂ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਵਿੱਤੀ ਸਾਲ 2025-26 ਵਿੱਚ ਕੁੱਲ 3073 ਮਾਡਲ ਪਲੇਅ-ਗਰਾਊਂਡ ਵਿਕਸਤ ਕੀਤੇ ਜਾਣਗੇ ਜਿਸ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 405 ਹੋਰ ਨਵੇਂ ਵੈਟਰਨਰੀ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਜੋ ਕਿ ਜਲਦ ਭਰਤੀ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ 5 ਜ਼ਿਲ੍ਹਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੁੱਢਲੇ ਗੇੜ ਵਿੱਚ ਸ੍ਰੀ ਆਨੰਦਪੁਰ ਸਾਹਿਬ, ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ, ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ‘ਜੀਵਨਜੋਤ ਪ੍ਰੋਜੈਕਟ’ ਰਾਹੀਂ ਸੜਕਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਬਾਰੇ ਉਨ੍ਹਾਂ ਕਿਹਾ ਕਿ ਉੱਚ ਮਿਆਰੀ ਸਿੱਖਿਆ ਦੇਣ ਅਤੇ ਬਾਲ ਤਸਕਰੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਇਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 600 ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਹਟਾਕੇ ਮਾਪਿਆਂ ਦੇ ਸਪੁਰਦ ਕੀਤਾ ਜਾ ਚੁੱਕਾ ਹੈ ਅਤੇ ਬਹੁਤੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾ ਕੇ ਵਜੀਫਾ ਸਕੀਮ ਦਾ ਲਾਭ ਦਿੱਤਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ 196 ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕਰਕੇ ਚਲਾਈਆਂ ਜਾ ਰਹੀਆਂ ਹਨ ਅਤੇ 135 ਹੋਰ ਲਾਇਬ੍ਰੇਰੀਆਂ ਦਾ ਕਾਰਜ ਜਾਰੀ ਹੈ।
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕਰਨਾ, ਯੁੱਧ ਨਸ਼ਿਆਂ ਵਿਰੁੱਧ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ ਤੋਂ ਇਲਾਵਾ ਪੰਜਾਬੀਆਂ ਨੂੰ 10 ਲੱਖ ਦਾ ਸਿਹਤ ਬੀਮਾ ਅਜਿਹੇ ਫੈਸਲੇ ਹਨ ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਬਾਅਦ ਪੰਜਾਬ ਪਹਿਲੀ ਵਾਰ ਸਿੱਖਿਆ ‘ਚ ਪਹਿਲੇ ਨੰਬਰ ਉੱਤੇ ਆਇਆ ਹੈ। ਦੇਸ਼ ਭਰ ਵਿੱਚ ਆਪਣੀ ਤਰ੍ਹਾਂ ਦੀ ਵਿਸ਼ੇਸ਼ ‘ਸੜਕ ਸੁਰੱਖਿਆ ਫੋਰਸ’ ਕਾਇਮ ਕਰਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਸੜਕੀ ਹਾਦਸਿਆਂ ਵਿੱਚ ਵੱਡੀ ਕਮੀ ਦਰਜ ਕੀਤੀ ਗਈ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜੰਗਲਾਤ ਵਿਭਾਗ ਵਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਤਕਰੀਬਨ 8 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਬੁਰੇ ਪ੍ਰਭਾਵ ਅਤੇ ਨਸ਼ਿਆਂ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿੱਤਾ ਮੁਖੀ ਸਿਖਲਾਈ ਦੀ ਮੰਗ ਨੂੰ ਦੇਖਦਿਆਂ ਆਈ.ਟੀ.ਆਈਜ਼. ਵਿੱਚ ਸੀਟਾਂ ਦੀ ਗਿਣਤੀ 52,000 ਕਰ ਦਿੱਤੀ ਗਈ ਹੈ, ਜੋ ਕਿ ਪਹਿਲਾਂ 35,000 ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।
ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਨੇ ਕਿਹਾ ਕਿ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਸ਼ੀਰਵਾਦ ਸਕੀਮ ਅਧੀਨ, ਅਨੁਸੂਚਿਤ ਜਾਤੀ ਦੇ 15,777 ਲਾਭਪਾਤਰੀਆਂ ਨੂੰ ਇਸ ਸਾਲ ਹੁਣ ਤੱਕ 80 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਹੋ ਚੁੱਕੀ ਹੈ। ਇਸੇ ਤਰ੍ਹਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25.90 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 51 ਕਰੋੜ 70 ਲੱਖ ਰੁਪਏ ਲਾਗਤ ਨਾਲ ਬਣਨ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਬਾਰੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਆਉਂਦੇ 9 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਜੋ ਦੇਸ਼ ਦੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਅੱਗੇ ਤੋਰਨ ਦੇ ਨਾਲ-ਨਾਲ ਨਵੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿਖੇ 12.55 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਬਲਾਕ ਦੀ ਉਸਾਰੀ ਕੀਤੀ ਜਾ ਰਹੀ ਹੈ। 50 ਬੈਡ ਦੀ ਸਮਰੱਥਾ ਵਾਲਾ ਇਹ ਅਤਿ-ਆਧੁਨਿਕ ਬਲਾਕ ਜਲਦ ਹੀ ਤਿਆਰ ਹੋ ਜਾਵੇਗਾ। ਇਸੇ ਤਰ੍ਹਾਂ ਸਿਵਲ ਹਸਪਤਾਲ ਵਿੱਚ 1.06 ਕਰੋੜ ਰੁਪਏ ਦੀ ਲਾਗਤ ਨਾਲ ਇੰਟੀਗ੍ਰੇਟਿਡ ਲੈਬਾਰਟਰੀ ਸਥਾਪਤ ਕੀਤੀ ਜਾ ਰਹੀ ਹੈ ਅਤੇ 42 ਲੱਖ ਰੁਪਏ ਦੀ ਲਾਗਤ ਨਾਲ ਬਣ ਚੁੱਕੀ ਬਲੱਡ ਬੈਂਕ ਵੀ ਜਲਦ ਹੀ ਕਾਰਜਸ਼ੀਲ ਹੋ ਜਾਵੇਗੀ।
ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਸੰਤੋਸ਼ ਕਟਾਰੀਆ, ਵਿਧਾਇਕ ਨਛੱਤਰ ਪਾਲ, ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਜਲ ਸਰੋਤ ਮੈਨੇਜਮੈਂਟ ਅਤੇ ਵਿਕਾਸ ਬੋਰਡ ਦੇ ਵਾਇਸ ਚੇਅਰਮੈਨ ਕੁਲਜੀਤ ਸਰਹਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਹਲਕਾ ਬੰਗਾ ਦੇ ਕੋਆਡੀਨੇਟਰ ਹਰਜੋਤ ਕੌਰ ਲੋਟੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਆਈ.ਜੀ. ਐਸ. ਭੂਪਥੀ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ ਡਾ. ਮਹਿਤਾਬ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਭਾਰੀ ਗਿਣਤੀ ਵਿੱਚ ਵਿਦਿਆਰਥੀ ਆਦਿ ਮੌਜੂਦ ਸਨ।
ਕੈਪਸ਼ਨ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਆਈ.ਟੀ.ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਆਈ.ਟੀ.ਆਈ ਗਰਾਊਂਡ ਵਿਖੇ ਪਰੇਡ ਦਾ ਨਿਰੀਖਣ ਕਰਦੇ ਹੋਏ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਆਈ.ਟੀ.ਆਈ ਗਰਾਊਂਡ ਵਿਖੇ ਸੰਬੋਧਨ ਕਰਦੇ ਹੋਏ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਆਈ.ਟੀ.ਆਈ ਗਰਾਊਂਡ ਵਿਖੇ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ।
Get all latest content delivered to your email a few times a month.