ਤਾਜਾ ਖਬਰਾਂ
•ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ
•1158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਮਜ਼ਬੂਤੀ ਨਾਲ ਕੇਸ ਲੜੇਗੀ ਪੰਜਾਬ ਸਰਕਾਰ: ਬੈਂਸ
ਚੰਡੀਗੜ੍ਹ, 18 ਅਗਸਤ:
ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।
ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਤੁਰੰਤ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰੋਫੈਸਰਾਂ ਦੇ ਹਟਾਏ ਜਾਣ ਨਾਲ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਸੰਭਾਵੀਂ ਨੁਕਸਾਨ ਨੂੰ ਉਜਾਗਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1,158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਅਤੇ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਅਸੀਂ ਸੁਪਰੀਮ ਕੋਰਟ ਵਿੱਚ ਮਜ਼ਬੂਤੀ ਨਾਲ ਕੇਸ ਪੇਸ਼ ਕਰਾਂਗੇ।”
Get all latest content delivered to your email a few times a month.