ਤਾਜਾ ਖਬਰਾਂ
ਪੰਜਾਬ ਦੇ ਮਾਲ ਤੇ ਹਾਊਸਿੰਗ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਦਰਿਆਵਾਂ ਵਿੱਚ ਪਾਣੀ ਵਧਣ ਕਾਰਨ ਖੇਤਾਂ ਅਤੇ ਹੋਰ ਸਮਾਨ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਸੁਲਤਾਨਪੁਰ ਲੋਧੀ ਦੇ ਬਾਊਪੁਰ ਜਦੀਦ ਅਤੇ ਸਾਂਗਰਾ ਸਮੇਤ ਪ੍ਰਭਾਵਿਤ ਪਿੰਡਾਂ ਵਿੱਚ ਪੀੜਤ ਪਰਿਵਾਰਾਂ ਨਾਲ ਮਿਲਣ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜਦੋਂ ਪਾਣੀ ਹਟਣਾ ਸ਼ੁਰੂ ਹੋਵੇ, ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਸੌਂਪੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਨੂੰ ਮਦਦ ਮਿਲ ਸਕੇ।
ਮਾਲ ਮੰਤਰੀ ਨੇ ਦੱਸਿਆ ਕਿ ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਰਾਹਤ ਕੰਮਾਂ ਦੀ ਨਿਗਰਾਨੀ ਕੈਬਨਿਟ ਮੰਤਰੀਆਂ ਦੇ ਸਮੂਹ ਵਲੋਂ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਪੱਧਰ 'ਤੇ ਮੰਤਰੀ ਲੋਕਾਂ ਦੇ ਦੁੱਖ-ਦਰਦ ਵਿੱਚ ਸਾਂਝ ਪਾ ਰਹੇ ਹਨ। ਕਪੂਰਥਲਾ ਲਈ 2 ਕਰੋੜ ਰੁਪਏ ਰਾਹਤ ਕਾਰਜਾਂ ਲਈ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨਾਲ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਪਸ਼ੂਧਨ ਦੀ ਸਿਹਤ ਸੰਭਾਲ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਧੁੱਸੀ ਅਤੇ ਅਡਵਾਂਸ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਗਈਆਂ ਅਤੇ ਐਸ.ਡੀ.ਆਰ.ਐਫ ਦੀਆਂ ਹੋਰ ਟੁਕੜੀਆਂ ਵੀ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਪ੍ਰਭਾਵਿਤ ਖੇਤਰਾਂ ਵਿੱਚ ਸੁੱਕਾ ਰਾਸ਼ਨ, ਦਵਾਈਆਂ ਅਤੇ ਪਾਣੀ ਵੰਡਿਆ ਗਿਆ ਹੈ। ਪ੍ਰਸ਼ਾਸਨ ਨੂੰ ਲਗਾਤਾਰ ਫੋਗਿੰਗ ਕਰਨ, ਚਮੜੀ ਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਫੈਲਾਉਣ ਅਤੇ ਨਿਯਮਤ ਸਿਹਤ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਸ਼ੂ ਧਨ ਦੀ ਦੇਖਭਾਲ ਲਈ ਵੈਟਨਰੀ ਡਾਕਟਰਾਂ ਨੂੰ ਪਿੰਡਾਂ ਵਿੱਚ ਜਾ ਕੇ ਪਸ਼ੂਆਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।
ਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ, ਉਨ੍ਹਾਂ ਨੇ ਸਥਾਨਕ ਰੈਸਟ ਹਾਊਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਦੇ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਵੀ ਲਈ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ, ਸੱਜਣ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
Get all latest content delivered to your email a few times a month.