ਤਾਜਾ ਖਬਰਾਂ
ਪੰਜਾਬ ਵਿੱਚ ਹੜ੍ਹਾਂ ਕਾਰਨ ਵਾਪਰੀ ਤਬਾਹੀ ਨੂੰ ਦੇਖਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਉਹਨਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਬੱਦਲ ਫੱਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਹਾਲਾਤ ਹੋਰ ਵੀ ਗੰਭੀਰ ਕਰ ਦਿੱਤੇ ਹਨ।
ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਦੇ ਲਗਭਗ 500 ਪਿੰਡ, 300 ਸਰਕਾਰੀ ਸਕੂਲ ਅਤੇ ਤਕਰੀਬਨ 3 ਲੱਖ ਕਿਸਾਨਾਂ ਦੀ ਫਸਲ ਹੜ੍ਹਾਂ ਦੀ ਲਪੇਟ ਵਿੱਚ ਆਈ ਹੈ। 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਦਾ ਵਹਾਅ ਦਰਜ ਕੀਤਾ ਗਿਆ, ਜੋ 1988 ਦੇ ਮੁਕਾਬਲੇ ਕਾਫ਼ੀ ਵੱਧ ਹੈ। ਇਸੇ ਤਰ੍ਹਾਂ ਬਿਆਸ ਦਰਿਆ ਵਿੱਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗਿਆ ਹੈ, ਜਿਸ ਨਾਲ ਪਿਛਲੇ ਸਾਰੇ ਰਿਕਾਰਡ ਟੁੱਟ ਗਏ ਹਨ।
ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਕਰ ਦਿੱਤੀ ਹੈ। ਮਾਝਾ, ਮਾਲਵਾ ਤੇ ਦੁਆਬਾ ਖੇਤਰਾਂ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ-ਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਉਹਨਾਂ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨ ਅਤੇ ਜਵਾਨ ਹਮੇਸ਼ਾਂ ਦੇਸ਼ ਦੀ ਭਲਾਈ ਲਈ ਅੱਗੇ ਰਹੇ ਹਨ। ਇਸ ਲਈ ਹੜ੍ਹ ਕਾਰਨ ਪੀੜਤ ਲੋਕਾਂ, ਖ਼ਾਸ ਕਰਕੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਸੰਤ ਸੀਚੇਵਾਲ ਨੇ ਆਪਣੇ ਪੱਤਰ ਦਾ ਇੱਕ ਉਤਾਰਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਭੇਜਿਆ ਹੈ, ਜਿਸ ਵਿੱਚ ਉਹਨਾਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਕੇਂਦਰ ਅੱਗੇ ਮਜ਼ਬੂਤੀ ਨਾਲ ਆਪਣਾ ਪੱਖ ਰੱਖੇ। ਉਹਨਾਂ ਸੁਝਾਅ ਦਿੱਤਾ ਕਿ ਰਾਜ ਸਰਕਾਰ ਵੱਲੋਂ ਵੀ ਕੇਂਦਰ ਨੂੰ ਵਿਸਥਾਰ ਨਾਲ ਦੱਸਿਆ ਜਾਵੇ ਕਿ ਕਿਵੇਂ ਹਿਮਾਚਲ ਅਤੇ ਹੋਰ ਪਹਾੜੀ ਰਾਜਾਂ ਵਿੱਚ ਪਏ ਮੀਂਹ ਦਾ ਪਾਣੀ ਪੰਜਾਬ ਦੇ ਦਰਿਆਵਾਂ ਵਿੱਚ ਆ ਕੇ ਤਬਾਹੀ ਮਚਾ ਰਿਹਾ ਹੈ।
ਉਹਨਾਂ ਇਹ ਵੀ ਮੰਗ ਕੀਤੀ ਹੈ ਕਿ ਪ੍ਰਭਾਵਿਤ ਲੋਕਾਂ ਨੂੰ ਮਿਲਣ ਵਾਲੇ ਮੁਆਵਜ਼ੇ ਨੂੰ ਮਹਿੰਗਾਈ ਦੇ ਦਰ ਨਾਲ ਜੋੜ ਕੇ ਵਧਾਇਆ ਜਾਵੇ, ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਪੀੜਤ ਲੋਕਾਂ ਨੂੰ ਵਾਸਤਵਿਕ ਰਾਹਤ ਮਿਲ ਸਕੇ। ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਦੁਹਰਾਇਆ ਕਿ ਮੁਆਵਜ਼ਾ ਸਿੱਧੇ ਤੌਰ ’ਤੇ ਕਾਸ਼ਤਕਾਰਾਂ ਤੱਕ ਪਹੁੰਚਣਾ ਚਾਹੀਦਾ ਹੈ।
Get all latest content delivered to your email a few times a month.