ਤਾਜਾ ਖਬਰਾਂ
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪਿਛਲੇ 37 ਸਾਲਾਂ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਦੇ ਬਦਤਰ ਹੋਣ ਦੇ ਪਿੱਛੇ ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਲਾਪਰਵਾਹੀ ਜ਼ਿੰਮੇਵਾਰ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਜੇ ਜੂਨ ਮਹੀਨੇ ਵਿੱਚ ਸਮੇਂ ਸਿਰ ਡੈਮਾਂ ਤੋਂ ਪਾਣੀ ਛੱਡਿਆ ਜਾਂਦਾ ਤਾਂ ਪੰਜਾਬ ਨੂੰ ਵੱਡੇ ਪੱਧਰ ਦੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀ।
ਉਨ੍ਹਾਂ ਨੇ ਦੱਸਿਆ ਕਿ ਹਰਿਆਣਾ ਇੱਕ ਪਾਸੇ ਪੱਤਰ ਰਾਹੀਂ ਮਦਦ ਦੀ ਗੱਲ ਕਰ ਰਿਹਾ ਹੈ ਪਰ ਦੂਜੇ ਪਾਸੇ ਆਪਣੇ ਹਿੱਸੇ ਦੇ ਪਾਣੀ ਨੂੰ ਘਟਾ ਕੇ ਆਪਣੀ ਆਬਾਦੀ ਦੀ ਸੁਰੱਖਿਆ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨਾਲ ਪੰਜਾਬ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਮਾਧੋਪੁਰ ਹੈੱਡਵਰਕਸ ਬਾਰੇ ਇੱਕ ਨਿੱਜੀ ਕੰਪਨੀ ਦੀ ਰਿਪੋਰਟ ਗਲਤ ਸਾਬਤ ਹੋਈ ਅਤੇ ਗੇਟਾਂ ਦੀ ਕਮਜ਼ੋਰੀ ਕਾਰਨ ਨਾ ਸਿਰਫ਼ ਹੜ੍ਹਾਂ ਦੀ ਸਥਿਤੀ ਗੰਭੀਰ ਹੋਈ ਸਗੋਂ ਵਿਭਾਗ ਦੇ ਇੱਕ ਕਰਮਚਾਰੀ ਦੀ ਮੌਤ ਵੀ ਹੋ ਗਈ। ਕੰਪਨੀ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਗੋਇਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਆਏ ਵਾਧੂ ਪਾਣੀ ਅਤੇ ਖੱਡਾਂ-ਨਾਲਿਆਂ ਦੇ ਵਹਾਅ ਨੇ ਸਥਿਤੀ ਨੂੰ ਬੇਕਾਬੂ ਕਰ ਦਿੱਤਾ। ਇਸ ਸਾਲ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਦਰਜ ਕੀਤਾ ਗਿਆ, ਜੋ 1988 ਦੇ 11.20 ਲੱਖ ਕਿਊਸਿਕ ਦੇ ਮੁਕਾਬਲੇ ਕਾਫ਼ੀ ਵੱਧ ਹੈ। ਇਸ ਕਾਰਨ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਨਾਲ ਲੱਗਦੇ ਸੱਤ ਜ਼ਿਲ੍ਹੇ ਵੱਡੇ ਨੁਕਸਾਨ ਦਾ ਸ਼ਿਕਾਰ ਹੋਏ।
ਰਾਹਤ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 11,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ ਅਤੇ 87 ਰਾਹਤ ਕੈਂਪ ਲਗਾਏ ਗਏ ਹਨ। ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀ ਮਦਦ ਨਾਲ ਹਵਾਈ ਰਾਹੀਂ ਵੀ ਲੋਕਾਂ ਦੀ ਜਾਨ ਬਚਾਈ ਗਈ। ਪਸ਼ੂਆਂ ਨੂੰ ਵੀ ਬਚਾ ਕੇ ਉਨ੍ਹਾਂ ਲਈ ਚਾਰੇ ਅਤੇ ਆਸਰੇ ਦੀ ਵਿਵਸਥਾ ਕੀਤੀ ਗਈ ਹੈ।
ਵਿਰੋਧੀ ਧਿਰ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਦੋਸ਼ ਲਾਉਣ ਦਾ ਨਹੀਂ, ਸਗੋਂ ਮਿਲ ਕੇ ਸੂਬੇ ਲਈ ਕੰਮ ਕਰਨ ਦਾ ਹੈ। ਉਨ੍ਹਾਂ ਨੇ ਸਾਰੇ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੂੰ ਰਾਹਤ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਮੁੱਖ ਇੰਜੀਨੀਅਰ ਜਿਤੇਂਦਰ ਪਾਲ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Get all latest content delivered to your email a few times a month.