ਤਾਜਾ ਖਬਰਾਂ
ਚੰਡੀਗੜ੍ਹ, 1 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ “ਜ਼ਰੂਰੀ” ਹੜ੍ਹ ਰਾਹਤ ਪੈਕੇਜ ਲਈ ਤੁਰੰਤ ਦਖਲ ਦੀ ਮੰਗ ਕੀਤੀ ਹੈ, ਕਿਉਂਕਿ ਹੜ੍ਹਾਂ ਨੇ ਸੂਬੇ ਭਰ ਵਿੱਚ ਵੱਡੇ ਪੱਧਰ ਤੇ ਤਬਾਹੀ ਮਚਾਈ ਹੈ।
ਇਸ ਸਬੰਧ ਵਿੱਚ ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਲਗਭਗ ਪੂਰਾ ਪੰਜਾਬ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਹੋਰ ਬਾਰਿਸ਼ਾਂ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਹੜ੍ਹਾਂ ਤੋਂ ਤੁਰੰਤ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਲੱਗ ਰਹੀ ਹੈ।
ਉਨ੍ਹਾਂ ਨੇ ਵੱਖ-ਵੱਖ ਸੂਬਿਆਂ ਵਿੱਚ ਹੜ੍ਹਾਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਗਠਿਤ ਅੰਤਰ-ਮੰਤਰਾਲਾ ਕਮੇਟੀ ਦਾ ਹਵਾਲਾ ਦਿੰਦੇ ਹੋਏ, ਕਿਹਾ ਹੈ ਕਿ ਇਨ੍ਹਾਂ ਵਿੱਚ ਸਮਾਂ ਲੱਗੇਗਾ, ਜਦਕਿ ਲੋਕਾਂ ਨੂੰ ਤੁਰੰਤ ਰਾਹਤ ਦੀ ਲੋੜ ਹੈ।
ਵੜਿੰਗ ਨੇ ਪੰਜਾਬ ਲਈ “ਜ਼ਰੂਰੀ” ਹੜ੍ਹਾਂ ਤੋਂ ਰਾਹਤ ਪੈਕੇਜ ਦੀ ਮੰਗ ਕਰਦੇ ਹੋਏ, ਕਿਹਾ ਹੈ ਕਿ ਅਨੁਮਾਨਿਤ ਨੁਕਸਾਨ ਹਜ਼ਾਰਾਂ ਕਰੋੜ ਰੁਪਏ ਵਿੱਚ ਹੈ। ਇਸਦੇ ਤਹਿਤ ਹੁਣ ਤੱਕ 1300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ ਵਾਢੀ ਦੇ ਕੰਢੇ 'ਤੇ ਪਹੁੰਚ ਚੁੱਕੀ ਝੋਨੇ ਦੀ ਫ਼ਸਲ ਡੁੱਬੀ ਹੋਈ ਹੈ। ਇਨ੍ਹਾਂ ਹਾਲਾਤਾਂ ਵਿਚ ਬਹੁਤ ਘੱਟ ਉਮੀਦ ਹੈ ਕਿ ਕੁਝ ਵੀ ਬਚਾਇਆ ਜਾ ਸਕਦਾ ਹੈ। ਉੱਥੇ ਹੀ, ਹੁਣ ਤੱਕ 26 ਬੇਸ਼ਕੀਮਤੀ ਜਾਨਾਂ ਜਾ ਚੁੱਕੀਆਂ ਹਨ।
ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਸੀਂ ਮੋਹਰੀ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਕੋਈ ਵਿਸ਼ੇਸ਼ ਤਵੱਜੋ ਨਹੀਂ ਚਾਹੁੰਦੇ, ਜਿਹੜਾ ਪੂਰੇ ਦੇਸ਼ ਨੂੰ ਭੋਜਨ ਸੁਰੱਖਿਆ ਪ੍ਰਦਾਨ ਕਰਨ ਲਈ ਵੀ ਪਹਿਰਾ ਦਿੰਦਾ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਸਿਰਫ ਆਪਣਾ ਹੱਕ ਮੰਗ ਰਹੇ ਹਾਂ। ਜਦਕਿ ਦੇਸ਼ ਭਰ ਦੇ ਕਰੋੜਾਂ ਲੋਕਾਂ ਦੇ ਪੇਟ ਭਰਨ ਵਾਲੀਆਂ ਉਹੀ ਝੋਨੇ ਦੀਆਂ ਫਸਲਾਂ ਅੱਜ ਤਬਾਹੀ ਦੇ ਕੰਢੇ 'ਤੇ ਹਨ। ਇਹ ਇੱਕ ਕੁਦਰਤੀ ਆਫ਼ਤ ਹੈ,ਜਿਸਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਸੀ। ਇਹ ਦੇਸ਼ ਵਾਸਤੇ ਪੰਜਾਬ ਅਤੇ ਪੰਜਾਬੀ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ।
ਵੜਿੰਗ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੇ ਫੈਲਣ, ਤੋਂ ਇਲਾਵਾ ਉਪਜਾਊ ਮਿੱਟੀ ਦੇ ਕਟਾਅ ਬਾਰੇ ਵੀ ਖਦਸ਼ਾ ਪ੍ਰਗਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਘੱਟੋ-ਘੱਟ ਅਗਲੇ ਦੋ ਸੀਜ਼ਨਾਂ ਲਈ ਖਾਦ ਮੁਫ਼ਤ ਮੁਹੱਈਆ ਕਰਵਾਈ ਜਾਵੇ।
Get all latest content delivered to your email a few times a month.