ਤਾਜਾ ਖਬਰਾਂ
ਪੰਜਾਬ ਵਿੱਚ ਹੜ੍ਹਾਂ ਦੇ ਕਹਿਰ ਵਿਚਕਾਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅਜਨਾਲਾ ਅਤੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਰਾਹੀਂ ਹੜ ਪੀੜਤ ਪਰਿਵਾਰਾਂ ਨੂੰ ਖਾਣ-ਪੀਣ ਦਾ ਸਮਾਨ, ਕੱਪੜੇ ਅਤੇ ਹੁਣ ਟਰੈਕਸੂਟ ਵੀ ਵੰਡੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਜਨਾਲਾ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।
ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਹੜ ਪੀੜਤਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਮਾਝੇ ਦੇ ਲੋਕਾਂ ਵੱਲੋਂ ਰਾਮ ਰਹੀਮ ਦੇ ਲੰਗਰ ਨੂੰ ਨਕਾਰਣ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਪੰਥ ਤੋਂ ਬਾਹਰ ਕਰ ਦਿੱਤਾ ਗਿਆ ਹੈ, ਉਸ ਤੋਂ ਸੇਵਾ ਸਵੀਕਾਰ ਨਾ ਕਰਨਾ ਹੀ ਸਹੀ ਕਦਮ ਹੈ।
ਇਸੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਖਾਸ ਰਾਹਤ ਪੈਕੇਜ ਦੀ ਮੰਗ ਕੀਤੀ। ਕਾਲਕਾ ਨੇ ਯਾਦ ਦਿਵਾਇਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਨੇ ਹਾਲੀਆ ਹੜ੍ਹਾਂ ਲਈ ਗੈਰ-ਕਾਨੂੰਨੀ ਮਾਈਨਿੰਗ ਨੂੰ ਜ਼ਿੰਮੇਵਾਰ ਦੱਸਿਆ ਹੈ, ਜਿਸ ’ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਵੇਲੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਾਲਾਤ ਗੰਭੀਰ ਹਨ। ਲੁਧਿਆਣਾ, ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਕਈ ਜ਼ਿਲ੍ਹਿਆਂ ਵਿੱਚ ਪਾਣੀ ਨੇ ਨਵੀਂ ਮੁਸ਼ਕਲਾਂ ਪੈਦਾ ਕਰ ਦਿੱਤੀਆਂ ਹਨ। ਸਤਲੁਜ ਅਤੇ ਰਾਵੀ ਦਰਿਆ ਦੇ ਪਾਣੀ ਦੇ ਵਧਦੇ ਪੱਧਰ ਕਾਰਨ ਫੌਜ ਅਤੇ ਪ੍ਰਸ਼ਾਸਨ ਵੱਲੋਂ ਬੰਨ੍ਹਾਂ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਭਾਖੜਾ ਬੰਨ੍ਹ ਤੋਂ ਪਾਣੀ ਛੱਡਣ ਦਾ ਅਸਰ ਰੂਪਨਗਰ ਤੋਂ ਲੁਧਿਆਣਾ ਅਤੇ ਹਰੀਕੇ ਤੱਕ ਸਾਫ਼ ਵੇਖਿਆ ਜਾ ਰਿਹਾ ਹੈ।
Get all latest content delivered to your email a few times a month.