ਤਾਜਾ ਖਬਰਾਂ
ਚੰਡੀਗੜ੍ਹ, 7 ਸਤੰਬਰ: ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ।
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ।
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਐਤਵਾਰ ਨੂੰ ਉਨ੍ਹਾਂ ਨੇ ਆਪਣਾ ਜਨਮ ਦਿਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਕੇ ਮਨਾਇਆ। ਉਨ੍ਹਾਂ ਨੇ ਖੁਦ ਗੁਲਾਬਾ ਭੈਣੀ ਪਿੰਡ ਦੇ ਲੋਕਾਂ ਤੱਕ ਮੋਢਿਆਂ ਉੱਤੇ ਚੁੱਕ ਕੇ ਰਸਦ ਦੇ ਥੈਲੇ ਪਹੁੰਚਾਏ। ਪਿਛਲੇ ਤਿੰਨ ਦਿਨ ਤੋਂ ਉਹ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। ਸੌਂਦ ਨੇ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।
Get all latest content delivered to your email a few times a month.